ਹੁਸ਼ਿਆਰਪੁਰ, 5 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਸਪੋਰਟਸ ਵੈੱਲਫੇਅਰ ਸੁਸਾਇਟੀ ਪਥਰਾਲੀਆਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹਿਲਾ ਕਬੱਡੀ ਟੂਰਨਾਮੈਂਟ ਸਫ਼ਲਤਾਪੂਰਵਕ ਕਰਵਾਇਆ, ਇਸ ਟੂਰਨਾਮੈਂਟ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਆਯੋਜਨ ਬਹੁਤ ਜ਼ਰੂਰੀ ਹੈ, ਉਨ੍ਹਾਂ ਖ਼ਾਲਸਾ ਸਪੋਰਟਸ ਵੈੱਲਫੇਅਰ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਪਿੰਡਾਂ ਵਿਚ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਵਧੀਆ ਪਲੇਟਫ਼ਾਰਮ ਪ੍ਰਦਾਨ ਕਰਦੇ ਹਨ | ਉਨ੍ਹਾਂ ਨੇ ਖੇਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਭਾਈਚਾਰਕ ਸਾਂਝ ਨੂੰ ਵਧਾਉਣਾ ਹੈ | ਆਖ਼ਰ 'ਚ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ |