ਗੜ੍ਹਸ਼ੰਕਰ, 5 ਅਪ੍ਰੈਲ (ਧਾਲੀਵਾਲ)-ਬੀਤੇ ਦਿਨੀਂ ਪਿੰਡ ਨੂਰਪੁਰ ਜੱਟਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਬਸਪਾ ਵਲੋਂ ਇੱਥੇ ਡੀ.ਐੱਸ.ਪੀ. ਦਫ਼ਤਰ ਸਾਹਮਣੇ ਸ਼ੁਰੂ ਕੀਤਾ ਗਿਆ ਰੋਸ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਰਿਹਾ | ਰੋਸ ਧਰਨੇ ਵਿਚ ਹਲਕਾ ਗੜ੍ਹਸ਼ੰਕਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ | ਰੋਸ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਇਸ ਮਾਮਲੇ 'ਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ ਜ਼ਾਹਿਰ ਕਰਦਿਆਂ ਕਿਹਾ ਕਿ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ, ਡੀ.ਜੀ.ਪੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਨਾਕਾਮ ਸਾਬਤ ਹੋਏ ਹਨ ਜਿਸ ਨੰੂ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦੀ ਦੋਸ਼ੀ ਫੜੇ ਨਾ ਗਏ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ | ਡਾ. ਕਰੀਮਪੁਰੀ ਨੇ ਲੋਕਾਂ ਨੂੰ 'ਪੰਜਾਬ ਸੰਭਾਲੋ ਮੁਹਿੰਮ' ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਮੌਜੂਦਾ ਬਦਹਾਲੀ ਵਿਚੋਂ ਕੱਢਣ ਲਈ ਬਾਬਾ ਸਾਹਿਬ ਦੇ ਸੁਪਨਿਆਂ ਦੀ ਸਰਕਾਰ ਬਣਾਉਣੀ ਲਾਜ਼ਮੀ ਹੈ | ਧਰਨੇ ਵਿਚ ਚੌਧਰੀ ਗੁਰਨਾਮ ਸਿੰਘ ਜ਼ੋਨ ਕੋਆਰਡੀਨੇਟਰ, ਰਵਿੰਦਰ ਸਿੰਘ, ਯਸ਼ਪਾਲ ਚੇਚੀ, ਹਰਦੇਵ ਗੁਲਮਰਗ, ਅਸ਼ੋਕ ਬਡੇਸਰੋਂ, ਮਲਕੀਤ ਸਿੰਘ, ਰਣਵੀਰ ਬੱਬਰ, ਸੁਰਿੰਦਰ ਸ਼ਿੰਦਾ ਤੇ ਹੋਰਾਂ ਨੇ ਆਪਣੇ ਵਿਚਾਰ ਰੱਖੇ |