ਤਲਵਾੜਾ, 5 ਅਪ੍ਰੈਲ (ਐੱਚ. ਐੱਸ. ਮਿੱਠੂ)-ਤਲਵਾੜਾ ਸ਼ਹਿਰ ਵਿਚ ਮਨਚਲੇ ਨੌਜਵਾਨਾਂ ਵੱਲੋਂ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਜਾ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਉੱਘੇ ਉਦਯੋਗਪਤੀ ਲਵਇੰਦਰ ਸਿੰਘ ਨੇ ਕਿਹਾ ਕਿ ਸ਼ਾਮ ਦੇ ਸਮੇਂ ਅਤੇ ਰਾਤ ਦੇ ਵੇਲੇ ਇਹ ਨੌਜਵਾਨ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਆਬਾਦੀ ਵਾਲੇ ਇਲਾਕਿਆਂ ਵਿਚ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਦੁੜਾਉਂਦੇ ਹੋਏ ਉੱਚੀ ਆਵਾਜ਼ ਵਿਚ ਪਟਾਕੇ ਵਜਾਉਂਦੇ ਹਨ, ਜਿਸ ਨਾਲ ਆਮ ਜਨਤਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਉੱਚੀ ਆਵਾਜ਼ ਵਾਲੇ ਧਮਾਕੇ ਬਜ਼ੁਰਗਾਂ, ਬੱਚਿਆਂ ਅਤੇ ਮਰੀਜ਼ਾਂ ਲਈ ਖ਼ਾਸ ਤੌਰ 'ਤੇ ਨੁਕਸਾਨਦਾਇਕ ਹਨ | ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ | ਲਵਇੰਦਰ ਸਿੰਘ ਨੇ ਦੱਸਿਆ ਕਿ ਕਈ ਵਾਰ ਇਹ ਮੋਟਰਸਾਈਕਲ ਸਵਾਰ ਟਰੈਫ਼ਿਕ ਨਿਯਮਾਂ ਦੀ ਵੀ ਉਲੰਘਣਾ ਕਰਦੇ ਹਨ ਅਤੇ ਸੜਕਾਂ 'ਤੇ ਸਟੰਟ ਕਰਦੇ ਨਜ਼ਰ ਆਉਂਦੇ ਹਨ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ | ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਐਸੇ ਤੱਤਾਂ 'ਤੇ ਸਖ਼ਤ ਰੋਕ ਲਗਾਈ ਜਾਵੇ | ਇਸ ਸਬੰਧੀ ਸ਼ਹਿਰ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਮੁਹਿੰਮ ਚਲਾਈ ਜਾਵੇ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |