ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਦਿਨ ਮੰਗਲਵਾਰ ਨੂੰ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਸਵੇਰੇ 11 ਵਜੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ | ਇਸ ਦੇ ਨਾਲ ਹੀ ਉਹ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਐਲਾਨ ਵੀ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰਿਆਣਾ ਵਿਖੇ 9 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ ਸੀ. ਐੱਚ. ਸੀ. ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜਿਸ ਨਾਲ ਵੱਡੀ ਗਿਣਤੀ 'ਚ ਇਲਾਕੇ ਦੇ ਪਿੰਡਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ | ਉਨ੍ਹਾਂ ਦੱਸਿਆ ਕਿ ਹਲਕੇ ਦੇ 7 ਪਿੰਡਾਂ 'ਚ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ, ਜਿਨ੍ਹਾਂ ਦੇ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਵਲੋਂ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ 'ਚ ਬਣਾਏ ਜਾਣ ਵਾਲੇ ਖੇਡ ਮੈਦਾਨਾਂ ਅਤੇ ਪਬਲਿਕ ਲਾਇਬ੍ਰੇਰੀਆਂ ਦਾ ਨੀਂਹ ਪੱਥਰ ਵੀ ਮੱਖ ਮੰਤਰੀ ਭਗਵੰਤ ਸਿੰਘ ਮਾਨ ਰੱਖਣਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਵਲੋਂ ਹੁਸ਼ਿਆਰਪੁਰ ਲਈ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਵਾਈ ਜਾਵੇਗੀ | ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ |
ਮੁੱਖ ਮੰਤਰੀ ਮਾਨ ਵਲੋਂ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ 'ਚ ਰੈਲੀ ਅੱਜ
ਅਜੀਤ ਡੈਸਕ
07-04-2026