ਦਸੂਹਾ, 7 ਅਪ੍ਰੈਲ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਹਰਦੋਥਲਾ ਵਿਖੇ ਸਰਪੰਚ ਐਡਵੋਕੇਟ ਬਲਜਿੰਦਰ ਸਿੰਘ ਹੁੰਦਲ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਉਨ੍ਹਾਂ ਕਿਹਾ ਸਨਮਾਨ ਰਾਸ਼ੀ ਦੀ ਪਾਰਦਰਸ਼ੀ ਵਰਤੋਂ ਨਾਲ ਪਿੰਡਾਂ 'ਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿਚ ਹੋਈਆਂ ਗਰਾਮ ਪੰਚਾਇਤ ਚੋਣਾਂ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ | ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫ਼ਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿਚ ਸੁਧਾਰ ਕਰਨ 'ਤੇ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫ਼ੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਘੁੰਮਣ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ | ਇਸ ਸਮੇਂ ਸਰਪੰਚ ਬਲਜਿੰਦਰ ਸਿੰਘ ਹੁੰਦਲ, ਸਾਬਕਾ ਸਰਪੰਚ ਨਰਿੰਦਰ ਸਿੰਘ ਹੁੰਦਲ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਐਡਵੋਕੇਟ ਮਨਦੀਪ ਸਿੰਘ ਹੁੰਦਲ, ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ, ਦਿਲਬਾਗ ਸਿੰਘ ਹੁੰਦਲ, ਪ੍ਰੀਤਮ ਸਿੰਘ ਸੈਣੀ, ਮਾ. ਨਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ |