ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)-ਮੋਦੀ ਸਰਕਾਰ ਵਲੋਂ ਮਹਿਲਾ ਰਾਖਵਾਂਕਰਨ ਬਿੱਲ 'ਤੇ ਰੱਖੇ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਦੀ ਪ੍ਰਸ਼ੰਸਾ ਕਰਦਿਆਂ ਭਾਜਪਾ ਸੂਬਾ ਸਕੱਤਰ ਮੀਨੂ ਸੇਠੀ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲ ਨੂੰ ਲੈ ਕੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਔਰਤਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਅੱਧੀ ਅਬਾਦੀ ਦਾ ਰਾਜਨੀਤੀ ਵਿਚ ਕੱਦ ਅਤੇ ਪ੍ਰਭਾਵ ਵਧੇਗਾ | ਮੀਨੂ ਸੇਠੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਮਹਿਲਾ ਰਾਖਵੇਂਕਰਨ ਨੂੰ ਲੈ ਕੇ ਸੰਸਦ ਵਿਚ ਲੰਬੇ ਸਮੇਂ ਤੋਂ ਚਰਚਾ ਹੁੰਦੀ ਰਹੀ ਹੈ ਪਰ ਇਸ ਦਾ ਲਾਗੂ ਹੋਣਾ ਦੇਸ਼ ਦੀਆਂ ਔਰਤਾਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਹਮੇਸ਼ਾਂ ਇਸ ਮੁੱਦੇ 'ਤੇ ਵਹਿਮ ਅਤੇ ਝੂਠੇ ਦਾਅਵੇ ਕੀਤੇ ਹਨ | ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਇਸ ਇਤਿਹਾਸਕ ਬਿੱਲ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ | ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਟਾਂ 'ਚ ਵਾਧਾ ਕਰਕੇ ਵੱਧ ਤੋਂ ਵੱਧ ਔਰਤਾਂ ਨੂੰ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਲੜਨ ਦਾ ਮੌਕੇ ਦੇਵੇਗੀ |