ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)-ਵਿਸ਼ਵ ਸਿਹਤ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ ਤੇ ਡਾ. ਨੇਹਾ ਪਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਤੇ ਰਵਿੰਦਰ ਜੱਸਲ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰੋਹਿਤ ਸ਼ਰਮਾ ਇਸ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੋਲਦਿਆਂ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅਜੋਕਾ ਯੁੱਗ ਵਿਗਿਆਨਕ ਯੁੱਗ ਹੈ, ਇਸ ਲਈ ਲੋਕਾਂ ਨੂੰ ਵਹਿਮਾਂ-ਭਰਮਾਂ 'ਤੇ ਵਿਸ਼ਵਾਸ ਕਰਨ ਦੀ ਬਜਾਏ ਮੈਡੀਕਲ ਸਾਇੰਸ 'ਤੇ ਭਰੋਸਾ ਕਰਦੇ ਹੋਏ ਸਿਹਤ ਸੰਸਥਾਵਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ | ਡਾ. ਨੇਹਾ ਪਾਲ ਨੇ ਕਿਹਾ ਕਿ ਚੰਗੀ ਸਿਹਤ ਲਈ ਪੌਸ਼ਟਿਕ ਆਹਾਰ ਲੈਣਾ, ਪੂਰੀ ਅਤੇ ਲੋੜੀਂਦੀ ਨੀਂਦ ਲੈਣੀ ਅਤੇ ਹਰ ਰੋਜ਼ ਹਲਕੀ ਕਸਰਤ ਕਰਨੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਡਾਕਟਰੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਐਚ.ਪੀ.ਵੀ ਵੈਕਸੀਨ ਸੰਬੰਧੀ ਫੈਲ ਰਹੀਆਂ ਬਾਂਝਪਨ ਜਾਂ ਹਾਰਮੋਨ ਬਦਲਾਅ ਵਰਗੀਆਂ ਅਫਵਾਹਾਂ ਨਿਰਾਧਾਰ ਹਨ, ਜਦਕਿ ਵਿਗਿਆਨਕ ਖੋਜ ਅਤੇ ਅੰਕੜੇ ਦਰਸਾਉਂਦੇ ਹਨ ਕਿ ਇਹ ਵੈਕਸੀਨ ਸੁਰੱਖਿਅਤ ਹੈ | ਜ਼ਿਲਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਕਿਹਾ ਕਿ ਸਿਹਤ ਸੰਬੰਧੀ ਕਿਸੇ ਵੀ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਨਰਸਿੰਗ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਸੰਬੰਧੀ ਪੋਸਟਰ ਤਿਆਰ ਕੀਤੇ ਗਏ ਅਤੇ ਵਧੀਆਂ ਚਾਰਟ ਤਿਆਰ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |