ਟਾਂਡਾ ਉੜਮੁੜ, 8 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਗੜ੍ਹਦੀਵਾਲ ਵਿਖੇ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਨ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦੌਰਾ ਇਲਾਕੇ ਲਈ ਬਹੁਤ ਹੀ ਮਹੱਤਵਪੂਰਨ ਸਾਬਤ ਹੋਵੇਗਾ, ਕਿਉਂਕਿ ਇਸ ਨਾਲ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਹੱਲ ਤੇਜ਼ੀ ਨਾਲ ਹੋਵੇਗਾ | ਵਿਧਾਇਕ ਰਾਜਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਮੁੱਖ ਮੰਤਰੀ ਵਲੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਲਾਕੇ ਲਈ ਨਵੀਆਂ ਯੋਜਨਾਵਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਸੁਵਿਧਾਵਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਆਸ-ਪਾਸ ਦੇ ਇਲਾਕਿਆਂ ਦੇ ਲੋਕ ਇਸ ਦੌਰੇ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ ਅਤੇ ਵੱਡੀ ਗਿਣਤੀ ਵਿਚ ਪਹੁੰਚ ਕੇ ਮੁੱਖ ਮੰਤਰੀ ਦਾ ਸਵਾਗਤ ਕਰਨਗੇ | ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਵੱਧ-ਚੜ੍ਹ ਕੇ ਹਿੱਸਾ ਲੈਣ |