ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਨਗਰ ਨਿਗਮ ਦੇ ਹਾਊਸ ਦਾ 5 ਸਾਲਾਂ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ ਅਤੇ ਇਨ੍ਹਾਂ ਪੰਜ ਸਾਲਾਂ 'ਚ ਸਾਰੇ ਕੌਂਸਲਰਾਂ ਨੇ ਆਪੋ-ਆਪਣੇ ਵਾਰਡਾਂ ਦੀ ਬਿਹਤਰੀ ਅਤੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ | ਸਾਰਿਆਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ 10 ਅਪ੍ਰੈਲ ਨੂੰ ਹਾਊਸ ਦੀ ਆਖ਼ਰੀ ਮੀਟਿੰਗ ਕੀਤੀ ਜਾਵੇਗੀ, ਜਿਸ 'ਚ ਸ਼ਹਿਰ ਦੇ ਵਿਕਾਸ ਲਈ ਕਈ ਯੋਜਨਾਵਾਂ ਅਤੇ ਪ੍ਰਾਜੈਕਟ ਪਾਸ ਕੀਤੇ ਜਾਣੇ ਹਨ ਤਾਂ ਜੋ ਹਾਊਸ ਖ਼ਤਮ ਹੋਣ ਤੋਂ ਬਾਅਦ ਵੀ ਸ਼ਹਿਰ ਦੇ ਕੰਮਾਂ ਵਿਚ ਕੋਈ ਰੁਕਾਵਟ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੇਅਰ ਸੁਰਿੰਦਰ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਸਾਲਾਂ 'ਚ ਕਈ ਚੁਣੌਤੀਆਂ ਆਈਆਂ, ਜਿਨ੍ਹਾਂ ਦਾ ਸਾਰੇ ਕੌਂਸਲਰਾਂ ਨੇ ਇੱਕਜੁੱਟ ਹੋ ਕੇ ਸਾਹਮਣਾ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸਿਸਟਮ ਨੂੰ ਚਲਾਉਣ ਲਈ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਇੱਕ ਦੂਜੇ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਸਨਮਾਨ ਵਿਚ ਖਾਣ-ਪੀਣ ਦਾ ਪ੍ਰਬੰਧ ਕਰਨਾ ਸਾਡੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਕੌਂਸਲਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਇਸ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਲਈ ਨਿਗਮ ਵੱਲੋਂ ਬਕਾਇਦਾ ਫ਼ੰਡ ਰਾਖ਼ਵਾਂ ਰੱਖਿਆ ਜਾਂਦਾ ਹੈ |