ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਚੱਲ ਰਹੀਆਂ ਭਲਾਈ ਸਕੀਮਾਂ, ਵਿਕਾਸ ਕਾਰਜਾਂ ਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਾਰਜਾਂ ਦੀ ਲਗਾਤਾਰ ਸਮੀਖਿਆ ਕਰਦੇ ਰਹਿਣ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐਮਜ਼ ਦੀ ਮੌਜੂਦਗੀ ਵਿਚ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਨੂੰ ਤਰਜੀਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾ ਕੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2.60 ਲੱਖ ਕਾਰਡ ਬਣ ਚੁੱਕੇ ਹਨ ਅਤੇ ਰਹਿੰਦੇ ਪਰਿਵਾਰਾਂ ਦੇ ਵੀ ਕਾਰਡ ਜਲਦੀ ਬਣਨਗੇ ਕਿਉਂਕਿ ਇਸ ਕਾਰਜ ਲਈ ਲੋੜੀਂਦੀ ਗਿਣਤੀ ਵਿਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਨੇ ਐੱਸ. ਡੀ. ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਲੱਗ ਰਹੇ ਕੈਂਪਾਂ ਦੀ ਪ੍ਰਕਿਰਿਆ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ | ਜ਼ਿਲ੍ਹੇ 'ਚ ਸ਼ੁਰੂ ਹੋਵੇਗੀ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਤੋਂ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਇਹ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ ਜਿਸ ਲਈ ਗਿਣਤੀਕਾਰਾਂ ਨੂੰ ਸਮੁੱਚੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੋਬਾਈਲ ਫ਼ੋਨਾਂ 'ਤੇ ਵਿਸ਼ੇਸ਼ ਐਪ ਰਾਹੀਂ ਮੁਕੰਮਲ ਹੋਵੇਗੀ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਟਾਂਡਾ ਦੇ ਪਿੰਡ ਰੜਾ ਵਿਖੇ ਗਾਈਡ ਬੰਨ੍ਹ ਬਣਾਉਣ ਦੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧ ਵਿਚ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ | ਇਸੇ ਤਰ੍ਹਾਂ ਪਿੰਡ ਮੋਤਲਾ-ਮਹਿਤਾਬਪੁਰ ਵਿਖੇ ਦਰਿਆ ਬਿਆਸ ਦੇ ਖੱਬੇ ਪਾਸੇ ਨਵਾਂ ਬੰਨ੍ਹ ਬਣਾਉਣ ਲਈ ਅਲਾਈਨਮੈਂਟ ਅਤੇ ਹੋਰ ਗਤੀਵਿਧੀਆਂ ਲਈ ਸਬੰਧਨ ਐੱਸ. ਡੀ. ਐੱਮ. ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ | ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੇਰਾ ਘਰ ਮੇਰੇ ਨਾਮ, ਈਜ਼ੀ ਰਜਿਸਟਰੇਸ਼ਨ, ਬਕਾਇਆ ਇੰਤਕਾਲਾਂ, ਫ਼ਸਲਾਂ ਦੇ ਡਿਜੀਟਲ ਸਰਵੇਖਣ ਤੋਂ ਇਲਾਵਾ ਮਾਈਨਿੰਗ, ਜਲ ਸਪਲਾਈ, ਮਾਲ ਵਿਭਾਗ ਆਦਿ ਦੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ |