ਦਸੂਹਾ, 18 ਅਪੈ੍ਰਲ (ਭੁੱਲਰ)- ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਦਸੂਹਾ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿੱਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਨੇ ਕਣਕ ਦੀ ਖ਼ਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀ ਫ਼ੈਸਲਿਆਂ 'ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ | ਵਿਧਾਇਕ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਬਦਲੇ ਨਿਰਧਾਰਿਤ ਸਮੇਂ ਦੇ ਵਿਚ-ਵਿਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ | ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਸਾਰੇ ਫ਼ੈਸਲੇ ਕਿਸਾਨਾਂ ਦੇ ਹਿਤ ਵਿਚ ਲਏ ਹਨ ਜਿਨ੍ਹਾਂ ਵਿਚ ਸਿੰਚਾਈ ਲਈ ਪਾਣੀ ਦੀ ਉਪਲਬਧਤਾ, ਦਿਨ ਵੇਲੇ ਬਿਜਲੀ ਸਪਲਾਈ, ਟੋਲਾਂ ਤੱਕ ਪਾਣੀ ਪੁੱਜਦਾ ਕਰਨਾ ਅਤੇ ਕਿਸਾਨਾਂ ਦੀ ਫ਼ਸਲ ਨੂੰ ਸੁਖਾਲੇ ਢੰਗ ਨਾਲ ਖ਼ਰੀਦਣਾ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ, ਆੜ੍ਹਤੀਆਂ ਲਈ ਲੋੜੀਂਦੇ ਇੰਤਜ਼ਾਮ ਅਤੇ ਲੇਬਰ ਲਈ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਚਨਬੱਧਤਾ ਦੁਹਰਾਈ ਹੈ ਕਿ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਨੂੰ ਨਾਲੋ-ਨਾਲ ਖ਼ਰੀਦਿਆਂ ਜਾਵੇਗਾ | ਮਾਰਕੀਟ ਕਮੇਟੀ ਦੇ ਚੇਅਰਮੈਨ ਕੇ.ਪੀ. ਸੰਧੂ ਨੇ ਦੱਸਿਆ ਕਿ ਮੰਡੀ ਵਿਚ ਹਰ ਪੱਖੋਂ ਢੁਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ | ਇਸ ਮੌਕੇ ਸ਼ੇਰ ਪ੍ਰਤਾਪ ਸਿੰਘ ਚੀਮਾ ਪ੍ਰਧਾਨ, ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਤਜਿੰਦਰ ਸਿੰਘ ਚੀਮਾ, ਪਰਮਜੀਤ ਜੌਹਰ, ਡਿੰਪਲ ਦਿਉਲ, ਨੰਦਾ ਦਸੂਹਾ ਸਮੇਤ ਹੋਰ ਕਿਸਾਨ ਅਤੇ ਕਰਮਚਾਰੀ ਹਾਜ਼ਰ ਸਨ |