ਟਾਂਡਾ ਉੜਮੁੜ, 19 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ | ਇਸ ਗੱਠਜੋੜ ਨੂੰ ਪੰਥਕ ਅਤੇ ਲੋਕਤਾਂਤਿ੍ਕ ਤਾਕਤਾਂ ਨੂੰ ਇੱਕਜੁੱਟ ਕਰਨ ਵੱਲ ਵੱਡਾ ਕਦਮ ਮੰਨਿਆ ਜਾ ਰਿਹਾ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਇਸ ਫ਼ੈਸਲੇ ਦਾ ਖੁੱਲ੍ਹ ਕੇ ਸਵਾਗਤ ਕੀਤਾ ਅਤੇ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਇੱਕ ਨਵਾਂ ਮੋੜ ਕਰਾਰ ਦਿੱਤਾ | ਇਸ ਮੌਕੇ ਦਸੂਹਾ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹੱਕਾਂ ਦੀ ਰੱਖਿਆ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਅਤੇ ਹੱਲ ਕਰਨ ਲਈ ਮਜ਼ਬੂਤ ਪਲੇਟਫ਼ਾਰਮ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਦੋਹਾਂ ਧਿਰਾਂ ਦੀ ਸੋਚ ਅਤੇ ਮਕਸਦ ਇੱਕੋ ਹਨ, ਜਿਸ ਕਰਕੇ ਇਹ ਇਕੱਠ ਹੋਣਾ ਸਮੇਂ ਦੀ ਲੋੜ ਸੀ | ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਪੰਜਾਬ ਦੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ 'ਤੇ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ | ਇਸ ਗੱਠਜੋੜ ਦੇ ਐਲਾਨ ਮੌਕੇ ਉਨ੍ਹਾਂ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਇਕੱਠ ਪੰਜਾਬ ਦੀ ਸਿਆਸਤ ਵਿਚ ਵੱਡਾ ਬਦਲਾਅ ਲਿਆਏਗਾ | ਇਸ ਮੌਕੇ ਉਨ੍ਹਾਂ ਦੋਨਾਂ ਪਾਰਟੀਆਂ ਦੇ ਸਮਰਥਕਾਂ ਅਤੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਫ਼ੈਸਲੇ ਨੂੰ ਸਵੀਕਾਰ ਕਰਦਿਆਂ ਪੂਰਾ ਸਹਿਯੋਗ ਦਿੱਤਾ |