ਗੜ੍ਹਦੀਵਾਲਾ, 19 ਅਪ੍ਰੈਲ (ਚੱਗਰ)-ਪੰਜਾਬ ਵਿਚ ਬੇ-ਅਦਬੀ ਰੋਕੂ ਕਾਨੂੰਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਦੇ ਰੂਪ ਵਿਚ ਬਣ ਜਾਣ 'ਤੇ ਗੁਰਦੁਆਰਾ ਰਾਮਪੁਰ ਖੇੜਾ ਦੇ ਮੁਖੀ ਤੇ ਸੰਤ ਸਮਾਜ ਦੀ ਨਾਮਵਰ ਸ਼ਖ਼ਸੀਅਤ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਨੇ ਜਿੱਥੇ ਸਤਿਗੁਰੂ ਜੀ ਦਾ ਕੋਟਨ ਕੋਟ ਸ਼ੁਕਰਾਨਾ ਕੀਤਾ ਉੱਥੇ ਹੀ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਧਾਈ ਦੀ ਪਾਤਰ ਹੈ ਜਿਨ੍ਹਾਂ ਨੇ ਸਤਿਗੁਰੂ ਜੀ ਦੇ ਪਿਆਰ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆ, ਇਹ ਸੋਧ ਐਕਟ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਪਾਸ ਕਰਵਾਇਆ ਅਤੇ ਪੰਜਾਬ ਦੇ ਮਾਨਯੋਗ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰਕੇ ਇਸ ਐਕਟ ਨੂੰ ਪ੍ਰਵਾਨਗੀ ਦਿੱਤੀ | ਜ਼ਿਕਰਯੋਗ ਹੈ ਕਿ ਇਸ ਬੇਅਦਬੀ ਰੋਕੂ ਕਾਨੂੰਨ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬਹੁਤ ਗੰਭੀਰ ਅਤੇ ਸੰਜੀਦਾ ਯਤਨ ਕੀਤੇ ਜਾ ਰਹੇ ਸਨ | ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਇਹ ਇਤਿਹਾਸਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੁਲਾਬ ਚੰਦ ਕਟਾਰੀਆ ਗਵਰਨਰ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕੀਤਾ |