ਮਾਹਿਲਪੁਰ, 20 ਅਪ੍ਰੈਲ (ਰਜਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਕਲਾ, ਸਾਹਿੱਤ ਤੇ ਗਿਆਨ ਵਿਗਿਆਨ ਦੇ ਖੇਤਰ ਨਾਲ ਜੁੜੀਆਂ ਰਚਨਾਵਾਂ ਨੂੰ ਪੇਸ਼ ਕਰਦਾ ਸਾਲਾਨਾ ਸਾਹਿੱਤਿਕ ਮੈਗਜ਼ੀਨ 'ਗੋਬਿੰਦ ਨਿਧੀ' ਕਾਲਜ ਦੀ ਪ੍ਰਬੰਧਕੀ ਕਮੇਟੀ, ਪਿ੍ੰਸੀਪਲ ਅਤੇ ਸਟਾਫ਼ ਵੱਲੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਪ੍ਰੋ.ਅਪਿੰਦਰ ਸਿੰਘ ਮਾਹਿਲਪੁਰੀ ਅਤੇ ਹੋਰ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਮੈਗਜ਼ੀਨ ਦੀ ਪ੍ਰਕਾਸ਼ਨਾਂ 'ਤੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ | ਇਸ ਮੌਕੇ ਪਿ੍ੰ. ਡਾ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੈਗਜ਼ੀਨ ਦੀ ਪ੍ਰਕਾਸ਼ਨਾਂ 'ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਮੈਗਜ਼ੀਨ ਦੇ ਮੁੱਖ ਸੰਪਾਦਕ ਪ੍ਰੋ.ਦੇਵ ਕੁਮਾਰ ਨੇ ਕਿਹਾ ਕਿ ਇਸ ਸਾਹਿੱਤਿਕ ਮੈਗਜ਼ੀਨ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਲਿਖੀਆਂ ਲਿਖਤਾਂ ਸ਼ਾਮਿਲ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਨੂੰ ਕਲਾਤਮਿਕਤਾ ਨਾਲ ਪੇਸ਼ ਕੀਤਾ ਹੈ | ਇਸ ਮੌਕੇ ਕੌਂਸਲ ਦੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਸੰਪਾਦਕੀ ਮੰਡਲ ਦੇ ਸਮੂਹ ਅਧਿਆਪਕ ਹਾਜ਼ਰ ਸਨ |