ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਆਪਣੀਆਂ ਵਿੱਤੀ ਮੰਗਾਂ ਨੂੰ ਲੈ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਡੀ.ਟੀ.ਐਫ਼ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਸੰਯੁਕਤ ਸਕੱਤਰ ਪ੍ਰਵੀਨ ਸ਼ੇਰਪੁਰ, 4161 ਮਾਸਟਰ ਕੇਡਰ ਯੂਨੀਅਨ ਦੇ ਆਗੂ ਬਲਕਾਰ ਮਘਾਣੀਆ, 6635 ਅਧਿਆਪਕ ਯੂਨੀਅਨ ਦੀ ਆਗੂ ਅੰਜੂ ਸਹਿਗਲ, 5994 ਈ.ਟੀ.ਟੀ ਅਧਿਆਪਕ ਯੂਨੀਅਨ ਦੇ ਆਗੂ ਪੁਨੀਤ ਕੁਮਾਰ ਅਤੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਧੁੱਗਾ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ ਲਾਮਬੰਦੀ ਕਨਵੈਨਸ਼ਨ ਕੀਤੀ ਗਈ | ਉਪਰੰਤ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ | ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਲੰਬੇ ਸਮੇਂ ਤੋਂ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਕਾਰਨ ਮੁਲਾਜ਼ਮਾਂ ਦੇ ਵੱਡੇ ਹਜੂਮ ਨੇ ਆਪਣੀਆਂ ਜਥੇਬੰਦੀਆਂ ਦੇ ਝੰਡਿਆਂ ਸਮੇਤ ਸ਼ਹਿਰ ਵਿਚ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਵਿਕਰਮ ਦੇਵ ਸਿੰਘ, ਇੰਦਰ ਸੁਖਦੀਪ ਸਿੰਘ ਓਢਰਾ, ਮੁਕੇਸ਼ ਗੁਜਰਾਤੀ, ਸੰਦੀਪ ਗਿੱਲ, ਹਰਜੋਧ ਸਿੰਘ ਸੈਣੀ ਅਤੇ ਆਕਾਸ਼ਦੀਪ ਸਿੰਘ ਨੇ ਕਿਹਾ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ 15 ਫ਼ੀਸਦੀ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ.ਸੀ.ਪੀ ਸਕੀਮ ਦਾ ਲਾਭ ਅਤੇ ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੋਰਚੇ ਵਲੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 17 ਮਈ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ੍ਹ ਰੋਸ ਮਾਰਚ ਕੀਤਾ ਜਾਵੇਗਾ ਜਿਸ ਸਬੰਧੀ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ | ਕਨਵੈਨਸ਼ਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਨੰਦ ਰਾਮ, ਰਾਜਿੰਦਰ ਸਿੰਘ ਹੇਜਮਾ, ਬਲਜਿੰਦਰ ਸਹੋਤਾ, ਰੇਸ਼ਮ ਸਿੰਘ ਧੁੱਗਾ, ਬਲਬੀਰ ਸਿੰਘ ਧਾਮੀ, ਰਾਮ ਲੁਭਾਇਆ ਬਾਹਰੀ, ਇਕਬਾਲ ਸਿੰਘ ਲੁਧਿਆਣਾ, ਵਰਿੰਦਰ ਸੈਣੀ, ਜਤਿੰਦਰ ਸਿੰਘ, ਵਿਕਰਮ ਸਿੰਘ, ਦੀਪਕ ਕੁਮਾਰ, ਸਤਪਾਲ ਕਲੇਰ, ਕਮਲ ਮੇਘੋਵਾਲ, ਸੰਦੀਪ ਧੀਰੋਵਾਲ, ਦਲਜੀਤ ਬੇਗਮਪੁਰ, ਰਜਨੀਸ਼ ਕੱਤੋਵਾਲ ਤੇ ਹੋਰ ਹਾਜ਼ਰ ਸਨ |