ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਡੇਂਗੂ ਵਿਰੋਧੀ ਸਰਗਰਮੀਆਂ ਤਹਿਤ ਸ਼ਹਿਰ ਦੇ ਵੱਖ-ਵੱਖ ਅਰਬਨ ਏਰੀਆ ਵਿੱਚ 9 ਟੀਮਾਂ ਬਣਾ ਕੇ ਡੇਂਗੂ ਜਾਗਰੂਕਤਾ, ਲਾਰਵਾ ਦੀ ਚੈਕਿੰਗ ਕੀਤੀ ਗਈ | ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਸਰਗਰਮੀਆਂ ਦੀ ਚੈਕਿੰਗ ਕੀਤੀ ਗਈ | ਇਹ ਮੁਹਿੰਮ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਦੇਖ-ਰੇਖ ਹੇਠ ਕੀਤੀ ਜਾ ਰਹੀ ਹੈ | | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੂਲਰਾਂ ਵਿੱਚ ਮਿਲਣ ਵਾਲੇ ਡੇਂਗੂ ਦੇ ਲਾਰਵੇ ਦੀ ਨਰਸਿੰਗ ਵਿਦਿਆਰਥੀਆਂ ਨੂੰ ਪਛਾਣ ਕਰਵਾਈ ਗਈ ਤਾਂ ਜੋ ਉਹ ਲਾਰਵਾ ਮਿਲਣ 'ਤੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਜਾਵੇ | ਇਸ ਦੇ ਨਾਲ-ਨਾਲ ਆਮ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਕਹਿਰ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਆਉਣ ਵਾਲੇ ਹਫ਼ਤਿਆਂ ਵਿੱਚ ਲਗਾਤਾਰ ਜਾਰੀ ਰਹੇਗੀ | ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਆਪਕ ਸਰਵੇ, ਫੋਗਿੰਗ, ਸੋਰਸ ਰਿਡਕਸ਼ਨ ਅਤੇ ਜਾਗਰੂਕਤਾ ਕਾਰਜ ਕੀਤੇ ਗਏ, ਤਾਂ ਜੋ ਡੇਂਗੂ ਅਤੇ ਚਿਕਨਗੁਨੀਆ ਦੇ ਖਤਰੇ ਨੂੰ ਪੂਰੀ ਤਰ੍ਹਾਂ ਘਟਾਇਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ | ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਨੇ ਦੱਸਿਆ ਕਿ ਤੇਜ ਬੁਖਾਰ, ਸਿਰ-ਦਰਦ, ਮਾਸਪੇਸੀਆਂ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜੇ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਆਦਿ ਲੱਛਣ ਦਿਖਾਈ ਦੇਣ 'ਤੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ |