ਹੁਸ਼ਿਆਰਪੁਰ, 27 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੀਮਾ ਗਰਗ ਦੀ ਅਗਵਾਈ ਹੇਠ ਬਾਲ ਸਿਹਤ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਕਰਵਾਈ ਗਈ | ਇਸ ਮੀਟਿੰਗ 'ਚ ਸਾਰੇ ਐੱਸ. ਐੱਮ. ਓ., ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ), ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਨਿੱਜੀ ਸਕੂਲਾਂ ਦੇ ਵੱਖ-ਵੱਖ ਅਧਿਆਪਕਾਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ ਮੁਹਿੰਮ ਲਈ ਸਾਰੇ ਐੱਸ.ਐੱਮ.ਓ. ਆਪਣੇ-ਆਪਣੇ ਸ਼ਡਿਊਲ ਤਿਆਰ ਕਰਨ, ਜਿਸ ਵਿਚ ਆਪਣੇ ਖੇਤਰ ਦੇ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰਾਂ ਨੂੰ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਵਰਕਰ ਵੀ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਭਾਗ ਲੈਣ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਚ.ਪੀ.ਵੀ. ਟੀਕਾਕਰਨ ਲਈ ਮਾਪਿਆਂ ਜਾਂ ਸਰਪ੍ਰਸਤ ਦੀ ਹਾਜ਼ਰੀ ਲਾਜ਼ਮੀ ਹੈ, ਕਿਉਂਕਿ ਉਨ੍ਹਾਂ ਦੇ ਮੋਬਾਈਲ 'ਤੇ ਓ.ਟੀ.ਪੀ. ਆਉਣ ਤੋਂ ਬਾਅਦ ਹੀ ਟੀਕਾ ਲਗਾਇਆ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ | ਜ਼ਿਲ੍ਹੇ ਵਿਚ ਹੁਣ ਤੱਕ 665 ਟੀਕੇ ਲਗਾਏ ਜਾ ਚੁੱਕੇ ਹਨ | ਅੱਖਾਂ ਦੀ ਜਾਂਚ ਬਾਰੇ ਜਾਣਕਾਰੀ ਦਿੰਦਿਆਂ ਡਾ. ਸੀਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ ਇਹ ਯਕੀਨੀ ਬਣਾਉਣ ਕਿ ਅਧਿਆਪਕਾਂ ਵੱਲੋਂ ਸਨੇਲਨ ਚਾਰਟ ਨਾਲ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਦੀ ਰਿਪੋਰਟ ਸਾਂਝੀ ਕੀਤੀ ਜਾਵੇ, ਤਾਂ ਜੋ ਲੋੜਵੰਦ ਬੱਚਿਆਂ ਨੂੰ ਸਰਕਾਰ ਵੱਲੋਂ ਜਲਦੀ ਚਸ਼ਮੇ ਮੁਹੱਈਆ ਕਰਵਾਏ ਜਾ ਸਕਣ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਿਹਤ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨਾਲ ਬੱਚੇ ਸਿਹਤਮੰਦ ਰਹਿਣਗੇ, ਬਿਮਾਰੀਆਂ ਤੋਂ ਮੁਕਤ ਰਹਿਣਗੇ ਅਤੇ ਇੱਕ ਵਧੀਆ ਸਮਾਜ ਦੀ ਰਚਨਾ ਵਿਚ ਯੋਗਦਾਨ ਪਾਉਣਗੇ |