ਹੁਸ਼ਿਆਰਪੁਰ, 28 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਕਪਾਹਟ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਹੱਲ ਕਰਵਾਇਆ | ਦੌਰੇ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸਭ ਤੋਂ ਪਹਿਲਾਂ ਮਾਤਾ ਰਾਣੀ ਜੀ ਦੇ ਦਰਬਾਰ ਵਿਖੇ ਨਤਮਸਤਕ ਹੋਏ, ਉਪਰੰਤ ਉਨ੍ਹਾਂ ਪਿੰਡ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਦੇ ਹੋਏ ਲੋਕਾਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਆਦਿ ਸਮੱਸਿਆਵਾਂ ਸੁਣੀਆਂ ਤੇ ਕੁੱਝ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਵਾਇਆ | ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਹਰ ਇਕ ਸ਼ਿਕਾਇਤ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਅਤੇ ਨਿਪਟਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਪਿੰਡ 'ਚ ਬਣ ਰਹੀ ਨਵੇਂ ਖੇਡ ਮੈਦਾਨ ਦੇ ਕੰਮ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਲਈ ਪਿੰਡ ਮਹਿੰਗਰੋਵਾਲ ਨੂੰ 3 ਲੱਖ ਰੁਪਏ, ਕਪਾਹਟ ਨੂੰ 7 ਲੱਖ ਰੁਪਏ ਅਤੇ ਪਿੰਡ ਮਲੋਟ ਨੂੰ 1.50 ਲੱਖ ਰੁਪਏ ਦੇ ਗ੍ਰਾਂਟ ਚੈੱਕ ਵੀ ਸੌਂਪੇ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ |