ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਡਾਇਰੈਕਟਰ ਡਾ. ਹਿਤੇਂਦਰ ਕੌਰ ਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫ਼ਸਰ ਆਮ ਆਦਮੀ ਕਲੀਨਿਕ ਹੁਸ਼ਿਆਰਪੁਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਨਵਜਾਤ ਸ਼ਿਸ਼ੂ ਸੰਭਾਲ ਤੇ ਮਾਤਾ-ਬੱਚਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਲਈ ਟਰੇਨਿੰਗ ਵਰਕਸ਼ਾਪ ਲਗਾਈ ਗਈ | ਸਿਖਲਾਈ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸੀਮਾ ਗਰਗ ਨੇ ਕਿਹਾ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਨਵਜਾਤ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ 'ਚ ਸੁਧਾਰ ਲਿਆਉਣਾ ਅਤੇ ਮਾਤਾ-ਸ਼ਿਸ਼ੂ ਮੌਤ ਦਰ 'ਚ ਕਮੀ ਲਿਆਉਣਾ ਹੈ | ਟਰੇਨਿੰਗ ਦੌਰਾਨ ਡਾਇਰੀਆ (ਦਸਤਾਂ) ਦੀ ਰੋਕਥਾਮ ਅਤੇ ਇਲਾਜ ਨੂੰ ਸਭ ਤੋਂ ਮਹੱਤਵਪੂਰਨ ਵਿਸ਼ਿਆਂ 'ਚ ਸ਼ਾਮਿਲ ਕੀਤਾ ਗਿਆ | ਡਾ: ਸੀਮਾ ਗਰਗ ਨੇ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਹਰ ਸਿਹਤ ਸੰਸਥਾ 'ਚ ਓ.ਆਰ.ਐਸ. ਕਾਰਨਰ ਲਾਜ਼ਮੀ ਤੌਰ 'ਤੇ ਸਥਾਪਿਤ ਕੀਤਾ ਜਾਵੇ | ਉਨ੍ਹਾਂ ਲੋਕਾਂ ਨੂੰ ਸਾਫ਼ ਪਾਣੀ ਪੀਣ, ਹੱਥ ਧੋਣ ਦੀ ਆਦਤ ਅਤੇ ਸਫ਼ਾਈ ਬਣਾਈ ਰੱਖਣ ਲਈ ਜਾਗਰੂਕ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ | ਉਨ੍ਹਾਂ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੀ ਪਾਬੰਦੀ ਬਰਕਰਾਰ ਰੱਖਣ ਅਤੇ ਸਿਹਤ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਨੇ ਕਿਹਾ ਕਿ ਡਿਊਟੀ ਦੌਰਾਨ ਲਾਪਰਵਾਹੀ ਕਿਸੇ ਵੀ ਸਥਿਤੀ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ |