ਟਾਂਡਾ ਉੜਮੁੜ, 3 ਮਈ (ਕੁਲਬੀਰ ਸਿੰਘ ਗੁਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਸ਼ਿਮਲਾ ਪਹਾੜੀ ਟਾਂਡਾ ਵਿਖੇ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ | ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਭੁੱਲਾ ਨੂੰ ਪ੍ਰਸ਼ਾਸਨ ਵਲੋਂ ਸਵੇਰੇ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਉਹ ਪ੍ਰਦਰਸ਼ਨ 'ਚ ਸ਼ਾਮਿਲ ਨਾ ਹੋ ਸਕਣ | ਇਸ ਦੇ ਬਾਵਜੂਦ ਕਿਸਾਨ ਵੱਡੀ ਗਿਣਤੀ 'ਚ ਇਕੱਠੇ ਹੋਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪਰਮਜੀਤ ਭੁੱਲਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਸੜਕਾਂ 'ਤੇ ਉੱਤਰਨਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਬੇਗੋਵਲ, ਦਵਿੰਦਰ ਸਿੰਘ ਕਾਹਲੋ, ਕਸ਼ਮੀਰ ਸਿੰਘ ਫੱਤਾ ਕੁੱਲਾ, ਜਗਦੀਪ ਸਿੰਘ ਗਿੱਲ, ਨਿਸ਼ਾਨ ਸਿੰਘ, ਫ਼ੌਜੀ ਕਲੋਨੀ, ਗੁਰਜੀਤ ਸਿੰਘ ਕੰਗ, ਯਾਦਵਿੰਦਰ ਸਿੰਘ ਫੁੱਲ, ਗੁਰਸੇਵਕ ਸਿੰਘ, ਮਸਰਦੀਨ, ਬਸ਼ੀਰ ਮੁਹੰਮਦ, ਸ਼ੇਰ ਸਿੰਘ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ, ਭਿੰਦਾ ਬਾਜਵਾ, ਬੀਬੀ ਸਵਰਨ ਕੌਰ, ਰਾਜਵਿੰਦਰ ਕੌਰ, ਬੀਨਾ, ਜਗਦੀਸ਼ ਸਿੰਘ ਰਾਣਾ, ਸਤਨਾਮ ਸਿੰਘ ਅÏਲਖ ਆਦਿ ਹਾਜ਼ਰ ਸਨ |