ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਵਿਸਾਖੀ ਦੇ ਪਾਵਨ ਦਿਹਾੜੇ 'ਤੇ ਪੰਜਾਬ ਵਿਧਾਨ ਸਭਾ 'ਚ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਹ ਲਏ ਬਿਨਾਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਜਥੇਬੰਦੀਆਂ, ਬੁੱਧੀਜੀਵੀਆਂ ਤੋਂ ਸਲਾਹ ਲੈ ਕੇ ਨਵੇਂ ਬਣੇ ਕਾਨੂੰਨ ਨੂੰ ਰੱਦ ਕਰਕੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਇਸ ਕਾਨੂੰਨ ਪ੍ਰਤੀ ਸਟੈਂਡ ਦੀ ਪੁਸ਼ਟੀ ਕੀਤੀ ਹੈ | ਇਹ ਪ੍ਰਗਟਾਵਾ ਡਾ. ਹਰਜਿੰਦਰ ਸਿੰਘ ਜੱਖੂ ਦੋਆਬਾ ਇੰਚਾਰਜ ਤੇ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਖੇ ਹੋਈ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸੰਬੰਧੀ ਬਣੇ ਕਾਨੂੰਨ ਨੂੰ ਰਾਜਪਾਲ ਵਲੋਂ ਪਾਸ ਕਰਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਗੰਭੀਰ ਮੁੱਦੇ 'ਤੇ ਨਾਗਪੁਰੀਆਂ ਦੇ ਹੱਥੇ ਚੜ੍ਹ ਕੇ ਸਵਾਗਤ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕੀਤਾ ਜਾਵੇ ਅਤੇ ਤੁਰੰਤ ਪ੍ਰਧਾਨਗੀ ਤੋਂ ਬਰਖ਼ਾਸਤ ਕੀਤਾ ਜਾਵੇ | ਇਸ ਮੌਕੇ ਸੰਦੀਪ ਸਿੰਘ ਖ਼ਾਲਸਾ ਟਾਂਡਾ, ਮਾ. ਕੁਲਦੀਪ ਸਿੰਘ ਮਸੀਤੀ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਪਰਮਿੰਦਰ ਸਿੰਘ ਮੁਕੇਰੀਆਂ, ਜਗਦੀਸ਼ ਸਿੰਘ ਚੱਬੇਵਾਲ, ਮਹਿਤਾਬ ਸਿੰਘ ਹੁੰਦਲ, ਦਲਜੀਤ ਸਿੰਘ ਖ਼ਿਆਲਾ, ਗੁਰਪ੍ਰੀਤ ਸਿੰਘ ਬੁੱਢੇਵਾਲ, ਲਖਵਿੰਦਰ ਸਿੰਘ ਫੌਜੀ, ਜਸਵੰਤ ਸਿੰਘ ਆਦਿ ਹਾਜ਼ਰ ਸਨ |