ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ 'ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ | ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 9 ਮਈ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਸਿਖਲਾਈ 'ਚ ਭਾਗ ਲੈ ਸਕਦੇ ਹਨ |