ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲਟੀ ਪਰਪਜ਼ ਹੈਲਥ ਵਰਕਰ ਫੀਮੇਲ ਟਰੇਨਿੰਗ ਸਕੂਲ ਵਿਖੇ ਵਿਸ਼ਵ ਅਸਥਮਾ ਦਿਵਸ ਮਨਾਇਆ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਤਜਿੰਦਰ ਪਾਲ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਡੀ. ਡੀ. ਐੱਚ. ਓ. ਡਾ. ਕਪਿਲ ਡੋਗਰਾ., ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਡਿਪਟੀ ਮਾਸ ਮੀਡੀਆ ਅਫ਼ਸਰ ਬਲਵੀਰ ਕੌਰ, ਪਿ੍ੰ. ਸੁਖਵਿੰਦਰ ਕੌਰ, ਅਮਰਪ੍ਰੀਤ ਕੌਰ, ਰੀਤੂ ਰਾਜਵੀਰ ਕੌਰ ਤੇ ਬਲਾਕ ਐਜੂਕੇਟਰ ਰੋਹਿਤ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਤਰਸੇਮ ਲਾਲ ਜ਼ਿਲ੍ਹਾ ਮਾਸ ਅਫ਼ਸਰ ਨੇ ਦੱਸਿਆ ਕਿ ਅੱਜ ਸੰਸਾਰ ਭਰ ਵਿਚ ਵਿਸ਼ਵ ਅਸਥਮਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਲੋਕਾਂ ਵਿਚ ਅਸਥਮਾ (ਦਮਾ) ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅਸਥਮਾ ਇਕ ਲੰਬੇ ਸਮੇਂ ਤੱਕ ਰਹਿਣ ਵਾਲੀ ਸਾਹ ਨਾਲ ਸੰਬੰਧਿਤ ਬਿਮਾਰੀ ਹੈ, ਜਿਸ 'ਚ ਸਾਹ ਲੈਣ ਵਿਚ ਤਕਲੀਫ਼, ਖੰਘ, ਛਾਤੀ 'ਚ ਜਕੜਨ ਹੋਣਾ ਆਮ ਲੱਛਣ ਹਨ, ਜਿਸ ਦਾ ਸਹੀ ਇਲਾਜ ਤੇ ਸਾਵਧਾਨੀਆਂ ਨਾਲ ਇਸ ਨੂੰ ਕਾਬੂ 'ਚ ਰੱਖਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਥੀਮ 'ਅਸਥਮਾ ਨੂੰ ਨਜ਼ਰ ਅੰਦਾਜ਼ ਨਾ ਕਰੋ' ਲੋਕਾਂ ਨੂੰ ਪ੍ਰੇਰਿਤ ਕਰਦਾ ਹੈ ਕਿ ਉਹ ਅਸਥਮਾ ਦੇ ਪ੍ਰਬੰਧਨ 'ਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਮੇਂ-ਸਮੇਂ ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ | ਉਨ੍ਹਾਂ ਦੱਸਿਆ ਕਿ ਸਾਨੂੰ ਵੱਧ ਤੋਂ ਵੱਧ ਦਰੱਖ਼ਤ ਲਗਾਉਣੇ ਚਾਹੀਦੇ ਹਨ |