ਐਮਾ ਮਾਂਗਟ, 11 ਮਈ (ਗੁਰਾਇਆ)-ਸਿੱਖ ਸਦਭਾਵਨਾ ਦਲ ਦੇ ਸੂਬਾ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੰੂਨ 2026 ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ਼ ਵਲੋਂ ਇਸ ਕਾਨੰੂਨ ਨੂੰ ਲਾਗੂ ਕਰਨ ਤੋਂ ਰੋਕਣ ਲਈ ਕੀਤੀ ਜਾ ਰਹੀ ਚਾਰਾਜੋਈ ਦੀ ਸਖ਼ਤ ਨਿੰਦਿਆ ਕੀਤੀ ਹੈ | ਇਸ ਕਾਨੰੂਨ ਦੇ ਪਾਸ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਕਾਨੰੂਨ ਦਾ ਸਵਾਗਤ ਕੀਤਾ, ਪਰ ਬਾਅਦ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਇਸ ਕਾਨੰੂਨ ਦਾ ਵਿਰੋਧ ਕਰਨਾ ਸੰਗਤ ਦੀ ਸਮਝ ਤੋਂ ਪਰੇ ਹੈ | ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਇਹ ਕਾਨੰੂਨ ਲਾਗੂ ਕਰਕੇ ਸਿੱਖ ਜਥੇਬੰਦੀਆਂ ਦੀ ਵੱਡੀ ਮੰਗ ਪੂਰੀ ਕੀਤੀ ਗਈ ਹੈ | ਜਥੇਦਾਰ ਮੁਲਤਾਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਬਾਦਲ ਪਰਿਵਾਰ ਸਿੱਖਾਂ ਦੇ ਧਾਰਮਿਕ ਮਸਲਿਆਂ ਨੂੰ ਆਪਣੀ ਮਰਜ਼ੀ ਨਾਲ ਨਜਿੱਠਣਾ ਚਾਹੁੰਦਾ ਹੈ, ਜਿਹੜਾ ਕਿ ਸੰਗਤ ਨੂੰ ਮਨਜ਼ੂਰ ਨਹੀਂ ਹੈ | ਸ਼੍ਰੋਮਣੀ ਅਕਾਲੀ ਦਲ ਦੀ ਭਾਸ਼ਾ ਬੋਲਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸ਼ੋਭਾ ਨਹੀਂ ਦਿੰਦਾ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵਿਧਾਨ ਸਭਾ ਵਿਚ ਕਾਨੰੂਨ ਪਾਸ ਹੋਣ ਮੌਕੇ ਪੁੱਜੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ ਨਾ ਕਿ ਬੇਲੋੜੀ ਦਖ਼ਲਅੰਦਾਜ਼ੀ ਕਰਕੇ ਕਾਨੰੂਨ ਨੂੰ ਢਾਹ ਲਗਾਉਣ ਦੇ ਯਤਨ ਕਰਨੇ ਚਾਹੀਦੇ ਹਨ |