ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਰਾਜ ਵਿਚ ਹੋਣ ਵਾਲੀਆਂ ਮਿਉਂਸਿਪਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਅਮਨ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮਗਰੀ, ਕਿਰਪਾਨ, ਕਿਰਚ, ਭਾਲੇ, ਟੋਕੇ, ਚਾਕੂ ਆਦਿ ਜਿਨ੍ਹਾਂ ਦਾ ਇਸਤੇਮਾਲ ਅਮਨ ਅਤੇ ਕਾਨੂੰਨ-ਵਿਵਸਥਾ ਭੰਗ ਕਰਨ ਲਈ ਕੀਤਾ ਜਾ ਸਕਦਾ ਹੈ, ਨੂੰ ਜਨਤਕ ਤੌਰ 'ਤੇ ਨਾਲ ਲਿਜਾਣ (ਕੈਰੀ ਕਰਨ) 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਮਈ 2026 ਤੱਕ ਲਾਗੂ ਰਹਿਣਗੇ | ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ ਆਰਮੀ ਕਰਮਚਾਰੀਆਂ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡਾਂ, ਫ਼ੈਕਟਰੀ ਸੁਰੱਖਿਆ ਗਾਰਡਾਂ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਸੰਚਾਲਕਾਂ, ਜੁਏਲਰਜ਼ ਸ਼ੋ-ਰੂਮ ਮਾਲਕਾਂ ਅਤੇ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਉਨ੍ਹਾਂ ਸ਼ੂਟਰਾਂ 'ਤੇ ਲਾਗੂ ਨਹੀਂ ਹੋਵੇਗੀ, ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ | ਇਸ ਤੋਂ ਇਲਾਵਾ ਜੈੱਡ ਸ਼੍ਰੇਣੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਅਤੇ ਅਦਾਲਤ ਵਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੇ ਵਿਅਕਤੀਆਂ ਨੂੰ ਵੀ ਇਸ ਹੁਕਮ ਤੋਂ ਛੂਟ ਦਿੱਤੀ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |