ਤਲਵਾੜਾ, 13 ਮਈ (ਐਚ. ਐਸ. ਮਿੱਠੂ)- ਸਮਾਜ ਸੇਵਿਕਾ ਜਸਵੀਰ ਕੌਰ ਤਲਵਾੜਾ ਵੱਲੋਂ ਡੀ.ਐੱਸ.ਪੀ ਹਰਗੁਰਦੇਵ ਸਿੰਘ ਨਾਲ ਮੁਲਾਕਾਤ ਕਰਕੇ ਮਹਿਲਾਵਾਂ ਅਤੇ ਗਊਆਂ ਨਾਲ ਜੁੜੇ ਮਹੱਤਵਪੂਰਨ ਉੱਤੇ ਚਰਚਾ ਕੀਤੀ | ਇਸ ਦੌਰਾਨ ਜਸਵੀਰ ਕੌਰ ਨੇ ਕਿਹਾ ਕਿ ਮਹਿਲਾਵਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਈ ਵਾਰ ਮਹਿਲਾਵਾਂ ਡਰ ਜਾਂ ਸਮਾਜਿਕ ਦਬਾਅ ਕਾਰਨ ਆਪਣੀ ਆਵਾਜ਼ ਉਠਾਉਣ ਤੋਂ ਕਤਰਾਉਂਦੀਆਂ ਹਨ, ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਰਵੱਈਆ ਬਹੁਤ ਜ਼ਰੂਰੀ ਹੈ | ਇਸ ਦੇ ਨਾਲ ਹੀ ਉਨ੍ਹਾਂ ਗਊਆਂ ਦੀ ਸੁਰੱਖਿਆ ਸੰਬੰਧੀ ਚਿੰਤਾ ਵੀ ਜਤਾਈ ਅਤੇ ਮੰਗ ਕੀਤੀ ਕਿ ਗਾਵਾਂ ਉੱਪਰ ਜ਼ੁਲਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹਨ, ਸਗੋਂ ਸਮਾਜਕ ਅਤੇ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦੇ ਹਨ | ਡੀ.ਐੱਸ.ਪੀ ਹਰਗੁਰਦੇਵ ਸਿੰਘ ਨੇ ਬੜੀ ਧੀਰਜ ਨਾਲ ਸਾਰੇ ਮੁੱਦੇ ਸੁਣੇ ਅਤੇ ਭਰੋਸਾ ਦਿਵਾਇਆ ਕਿ ਕਾਨੂੰਨ ਅਨੁਸਾਰ ਨਿਆਂ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਅਤੇ ਪਸ਼ੂਆਂ ਦੀ ਭਲਾਈ ਪ੍ਰਸ਼ਾਸਨ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |