ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਨਗਰ ਕੌਂਸਲ ਮੁਕੇਰੀਆਂ ਵਿਚ ਪਿਛਲੇ ਕਈ ਸਾਲਾਂ ਤੋਂ ਕੱਚੇ ਅਤੇ ਕੰਟਰੈਕਟ ਆਧਾਰ 'ਤੇ ਸੇਵਾ ਨਿਭਾ ਰਹੇ ਸਫ਼ਾਈ ਮੁਲਾਜ਼ਮਾਂ ਵੱਲੋਂ ਅੱਜ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਪਹੁੰਚੇ ਅਤੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੂਰਾ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰ ਵਰਗ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਆਈ ਹੈ ਅਤੇ ਅੱਗੇ ਵੀ ਸਫ਼ਾਈ ਮੁਲਾਜ਼ਮਾਂ ਦੀ ਹਰ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ | ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਜਿਹੜੇ ਕਰਮਚਾਰੀ ਪਿਛਲੇ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ਆਧਾਰ 'ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਰੈਗੂਲਰ ਸਕੇਲ ਦੇ ਕੇ ਪੱਕਾ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਕਈ ਸਾਲਾਂ ਤੋਂ ਘੱਟ ਤਨਖ਼ਾਹ ਅਤੇ ਅਸਥਿਰ ਨੌਕਰੀ ਦੇ ਬਾਵਜੂਦ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਸਬੰਧੀ ਕੋਈ ਗੰਭੀਰ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸਰਕਾਰੀ ਕਰਮਚਾਰੀਆਂ ਲਈ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵੀ ਦਿੱਤੀਆਂ ਜਾਣ | ਉਨ੍ਹਾਂ ਕਿਹਾ ਕਿ ਕੰਮ ਇੱਕੋ ਜਿਹਾ ਕਰਨ ਦੇ ਬਾਵਜੂਦ ਸਫ਼ਾਈ ਮੁਲਾਜ਼ਮਾਂ ਨਾਲ ਵਿਤਕਰਾ ਕਰਨਾ ਬਿਲਕੁਲ ਗ਼ਲਤ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀਆਂ ਨੇ ਮੰਗ ਕੀਤੀ ਕਿ ਹਰ ਕਰਮਚਾਰੀ ਦਾ ਘੱਟੋ-ਘੱਟ 10 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਦੌਰਾਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਹਾਦਸਿਆਂ ਦੇ ਖ਼ਤਰੇ ਦਾ ਸਾਹਮਣਾ ਕਰਦੇ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਲਈ ਬੀਮੇ ਦੀ ਸੁਵਿਧਾ ਬਹੁਤ ਜ਼ਰੂਰੀ ਹੈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜੇਕਰ ਕਿਸੇ ਕਰਮਚਾਰੀ ਦੀ ਆਨ ਡਿਊਟੀ ਮੌਤ ਹੋ ਜਾਂਦੀ ਹੈ ਤਾਂ ਬੀਮੇ ਦੀ ਰਕਮ ਤੋਂ ਇਲਾਵਾ ਨਗਰ ਕਮੇਟੀ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਇਹ ਸੁਵਿਧਾ ਆਊਟਸੋਰਸ ਅਤੇ ਕੰਟਰੈਕਟ 'ਤੇ ਕੰਮ ਕਰਦੇ ਸਾਰੇ ਵਰਕਰਾਂ ਲਈ ਲਾਗੂ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਕਰਮਚਾਰੀਆਂ ਨੇ ਮੰਗ ਕੀਤੀ ਕਿ ਰਿਟਾਇਰਮੈਂਟ ਸਮੇਂ ਹਰ ਕਰਮਚਾਰੀ ਨੂੰ ਗਰੈਚੁਟੀ, ਲੀਵ ਇੰਕੈਸ਼ਮੈਂਟ ਅਤੇ ਹੋਰ ਸਾਰੇ ਲਾਭ ਦਿੱਤੇ ਜਾਣ, ਭਾਵੇਂ ਉਸ ਨੇ ਘੱਟ ਸਮਾਂ ਰੈਗੂਲਰ ਤੌਰ 'ਤੇ ਹੀ ਸੇਵਾ ਨਿਭਾਈ ਹੋਵੇ | ਉਨ੍ਹਾਂ ਕਿਹਾ ਕਿ ਕਈ ਕਰਮਚਾਰੀ ਸਾਰੀ ਉਮਰ ਕੱਚੇ ਤੌਰ 'ਤੇ ਕੰਮ ਕਰਦੇ ਰਹਿੰਦੇ ਹਨ ਅਤੇ ਰਿਟਾਇਰਮੈਂਟ ਸਮੇਂ ਉਨ੍ਹਾਂ ਨੂੰ ਕੋਈ ਵੱਡਾ ਲਾਭ ਨਹੀਂ ਮਿਲਦਾ, ਜਿਸ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਹੋ ਜਾਂਦੀ ਹੈ | ਮੁਲਾਜ਼ਮਾਂ ਨੇ ਇਹ ਵੀ ਮੰਗ ਰੱਖੀ ਕਿ ਨਗਰ ਪੰਚਾਇਤ ਅਤੇ ਨਗਰ ਕੌਂਸਲਾਂ ਵਿਚ ਕੰਮ ਕਰਦੇ ਹਰ ਕਰਮਚਾਰੀ ਦੀ ਤਨਖ਼ਾਹ ਪੰਜਾਬ ਸਰਕਾਰ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਜਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਮਿਲ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੋਂ ਬਚਿਆ ਜਾ ਸਕੇ | ਇਸ ਮੌਕੇ ਧਰਨੇ ਵਿਚ ਸ਼ਾਮਲ ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਅਸ਼ਵਨੀ ਕੁਮਾਰ, ਹਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਰਣਜੋਧ ਸਿੰਘ ਕੁੱਕੂ ਐੱਮ.ਸੀ., ਸਤਨਾਮ ਕੋਹਲੀ ਐੱਮ.ਸੀ.ਆਦਿ ਵੀ ਹਾਜ਼ਰ ਸਨ |