ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਰਾਜ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਕਰਵਾਈ ਜਾ ਰਹੀ ਹੈ | ਇਸ ਤਹਿਤ ਜ਼ਿਲ੍ਹੇ 'ਚ ਬੀ. ਐਲ. ਓਜ਼ ਵਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਵਿਚ ਵੋਟਰ ਸੂਚੀਆਂ ਦੀ ਇਹ ਸਪੈਸ਼ਲ ਇੰਟੈਂਸਿਵ ਰਵੀਜਨ ਪੂਰੀ ਪਾਰਦਰਸ਼ਤਾ ਤੇ ਨਿਰਧਾਰਿਤ ਹਦਾਇਤਾਂ ਅਨੁਸਾਰ ਮੁਕੰਮਲ ਕਰਵਾਈ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਰਵੀਜਨ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ 'ਚ 1563 ਬੀ. ਐਲ. ਓ., 151 ਸੁਪਰਵਾਈਜ਼ਰ, 7 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 14 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸਮੇਤ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੀ. ਐਲ. ਓਜ਼ ਦੀ ਟ੍ਰੇਨਿੰਗ ਤੇ ਹੋਰ ਤਿਆਰੀਆਂ ਨਾਲ ਸੰਬੰਧਿਤ ਸਾਰੇ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਪੂਰੇ ਕਰ ਲਏ ਜਾਣਗੇ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੀ-ਐਸ. ਆਈ. ਆਰ. ਮੈਪਿੰਗ ਤਹਿਤ ਹੁਸ਼ਿਆਰਪੁਰ ਦੇ ਕੁੱਲ 12,68,580 ਵੋਟਰਾਂ 'ਚੋਂ 11,12,679 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕੁੱਲ ਵੋਟਰਾਂ ਦਾ 87.71 ਫ਼ੀਸਦੀ ਬਣਦਾ ਹੈ | ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦਾ ਕੰਮ 24 ਜੁਲਾਈ 2026 ਤੱਕ ਪੂਰਾ ਕੀਤਾ ਜਾਵੇਗਾ ਅਤੇ 31 ਜੁਲਾਈ 2026 ਨੂੰ ਡਰਾਫ਼ਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦੱਸਿਆ ਕਿ ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ | ਇਸ ਤੋਂ ਬਾਅਦ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਸਾਰੇ ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਰਾਜਨੀਤਿਕ ਪਾਰਟੀਆਂ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਪ੍ਰਕਿਰਿਆ ਵਿਚ ਬੀ. ਐਲ. ਓਜ਼ ਨੂੰ ਪੂਰਾ ਸਹਿਯੋਗ ਦੇਣ |