ਹਰਿਆਣਾ, 20 ਮਈ (ਹਰਮੇਲ ਸਿੰੰਘ ਖੱਖ)-ਨਗਰ ਕੌਂਸਲ ਹਰਿਆਣਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਸੰਬੰਧ 'ਚ ਹਲਕਾ ਸ਼ਾਮ ਚੌਰਾਸੀ ਦੇ ਕਸਬਾ ਹਰਿਆਣਾ 'ਚ ਭਰਵੀਂ ਚੋਣ ਇਕੱਤਰਤਾ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ ਹੋਈ | ਜਿਸ ਵਿਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਪਾਰਟੀ ਵਰਕਰਾਂ 'ਚ ਜੋਸ਼ ਭਰਿਆ | ਇਸ ਮੌਕੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ- ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਸ਼ਖਸੀਅਤਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਈਆਂ | ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਤਰੁਣ ਚੁੱਘ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜਨ-ਕਲਿਆਣਕਾਰੀ ਤੇ ਲੋਕ-ਪੱਖੀ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਨਿਸ਼ਾਨਾ ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਹੈ ਅਤੇ ਨਗਰ ਕੌਂਸਲ ਚੋਣਾਂ ਜਿੱਤ ਕੇ ਹਰਿਆਣਾ ਕਸਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾ ਸਕਦੀਆਂ ਹਨ | ਇਸ ਮੌਕੇ 'ਤੇ ਬੀਬੀ ਮਹਿੰਦਰ ਕੌਰ ਜੋਸ਼ ਨੇ ਚੋਣਾਂ ਦੇ ਮੱਦੇਨਜ਼ਰ ਸਮੂਹ ਪਾਰਟੀ ਅਹੁਦੇਦਾਰਾਂ ਅਤੇ ਮਿਹਨਤੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਇਹ ਚੋਣਾਂ ਹਰਿਆਣਾ ਕਸਬੇ ਦੀ ਨੁਹਾਰ ਬਦਲਣ ਦਾ ਸੁਨਹਿਰੀ ਮੌਕਾ ਹਨ | ਹਰ ਵਰਕਰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰੇ ਤੇ ਇਸ ਚੋਣ 'ਚ ਭਾਰੀ ਬਹੁਮਤ ਨਾਲ ਇਤਿਹਾਸਕ ਜਿੱਤ ਦਰਜ ਕਰਵਾਉਣ ਲਈ ਦਿਨ-ਰਾਤ ਇੱਕ ਕਰ ਦੇਵੇ | ਇਸ ਮੌਕੇ ਸੀਨੀਅਰ ਆਗੂ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਸਮੇਤ ਹੋਰ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |