ਟਾਂਡਾ ਉੜਮੁੜ, 21 ਮਈ (ਭਗਵਾਨ ਸਿੰਘ ਸੈਣੀ)-ਨਗਰ ਕੌਂਸਲ ਟਾਂਡਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ | ਸਫ਼ਾਈ ਕਰਮਚਾਰੀ ਹਰ ਰੋਜ਼ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਹਾਲੇ ਤੱਕ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਉਹ ਆਪਣੀ ਹੜਤਾਲ ਜਾਰੀ ਰੱਖਣਗੇ | ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੇ ਹਨ, ਜਿਸ ਕਾਰਨ ਉਹ ਸੰਘਰਸ਼ ਲਈ ਮਜਬੂਰ ਹਨ | ਦੂਜੇ ਪਾਸੇ ਹੜਤਾਲ ਕਾਰਨ ਸ਼ਹਿਰ ਅੰਦਰ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ | ਵੱਖ-ਵੱਖ ਇਲਾਕਿਆਂ 'ਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਬਦਬੂ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ | ਸ਼ਹਿਰ ਵਾਸੀਆਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਤੇ ਸਰਕਾਰ ਨੂੰ ਤੁਰੰਤ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਸ਼ਹਿਰ ਵਿਚ ਬਣੀ ਗੰਦਗੀ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ |