ਭੰਗਾਲਾ, 21 ਮਈ (ਬਲਵਿੰਦਰਜੀਤ ਸਿੰਘ ਸੈਣੀ)-ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 'ਚ ਲਗਾਤਾਰ ਵਾਧੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਹੀਟ ਵੇਵ (ਲੂ) ਤੇ ਗਰਮੀ ਤੋਂ ਬਚਾਅ ਲਈ ਵਿਸਥਾਰ-ਪੂਰਵਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ 'ਚ ਹੀ ਤਾਪਮਾਨ ਵਿਚ ਤੇਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪਹਿਲਾਂ ਤੋਂ ਹੀ ਚੌਕਸ ਰਹਿਣ ਦੀ ਲੋੜ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਐਸ. ਐਮ. ਓ. ਬੁਢਾਬੜ ਡਾ. ਨੀਲਮ ਨੇ ਦੱਸਿਆ ਕਿ ਜਦੋਂ ਵਾਤਾਵਰਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਹੋ ਜਾਂਦਾ ਹੈ, ਤਾਂ ਇਸ ਨੂੰ ਹੀਟ ਵੇਵ ਦੀ ਸਥਿਤੀ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਨ ਤੰਤਰ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਗਰਮੀ ਨਾਲ ਸੰਬੰਧਿਤ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ | ਉਨ੍ਹਾਂ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਵੱਧ ਰਹਿੰਦੀ ਹੈ, ਇਸ ਲਈ ਆਮ ਲੋਕਾਂ ਦੇ ਨਾਲ-ਨਾਲ ਸੰਵੇਦਨਸ਼ੀਲ ਵਰਗਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਬੱਚਿਆਂ, ਬਜ਼ੁਰਗਾਂ ਅਤੇ ਮਜ਼ਦੂਰਾਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧੁੱਪ 'ਚ ਬਾਹਰ ਜਾਣ ਤੋਂ ਬਚੋ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਦੀ ਪਾਲਣਾ ਕੀਤੀ ਜਾਵੇ | ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਗੰਭੀਰ ਲੱਛਣ ਦਿਖਾਈ ਦੇਣ 'ਤੇ ਬਿਨਾਂ ਦੇਰੀ ਕੀਤੇ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ |