ਟਾਂਡਾ ਉੜਮੁੜ, 23 ਮਈ (ਭਗਵਾਨ ਸਿੰਘ ਸੈਣੀ)-ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਲਿਮਟਿਡ ਟਾਂਡਾ ਦੀ ਇਕ ਜ਼ਰੂਰੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਚੇਅਰਮੈਨ ਜਸਵੰਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਮੀਟਿੰਗ 'ਚ ਸੁਸਾਇਟੀ ਦੇ ਮੁੱਖ ਅਹੁਦੇਦਾਰਾਂ, ਡਾਇਰੈਕਟਰਾਂ ਅਤੇ ਮੈਂਬਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜਸਵੰਤ ਸਿੰਘ ਬਿੱਟੂ ਨੇ ਕਿਹਾ ਕਿ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਸੋਸਾਇਟੀ ਦੇ ਅਧਿਕਾਰੀ ਤੇ ਮੈਂਬਰ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ | ਇਸ ਮੌਕੇ ਚੇਅਰਮੈਨ ਜਸਵੰਤ ਸਿੰਘ ਬਿੱਟੂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਡੀ. ਏ. ਪੀ. ਤੇ ਯੂਰੀਆ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਕੀੜੇ ਮਾਰ ਦੀਆਂ ਚੰਗੀਆਂ ਦਵਾਈਆਂ ਸਭਾਵਾਂ ਨੂੰ ਸਪਲਾਈ ਕੀਤੀਆਂ ਜਾਣਗੀਆਂ ਕਿਸਾਨਾਂ ਨੂੰ ਚੰਗੇ ਬੀਜ ਖ਼ਰੀਦ ਕਰਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਏਗੀ | ਉਨ੍ਹਾਂ ਨੇ ਮੀਟਿੰਗ ਦੌਰਾਨ ਸੁਸਾਇਟੀ ਦੇ ਪਿਛਲੇ ਕੰਮਾਂ ਦਾ ਲੇਖਾ-ਜੋਖਾ ਵੀ ਪੇਸ਼ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵਧੀਆ ਢੰਗ ਨਾਲ ਲੋਕ ਸੇਵਾ ਅਤੇ ਵਿਕਾਸ ਕਾਰਜ ਕੀਤੇ ਜਾਣਗੇ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਅਹੁਦੇਦਾਰਾਂ ਨੂੰ ਸੁਸਾਇਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ | ਇਸ ਮੌਕੇ ਵਾਈਸ ਚੇਅਰਮੈਨ ਕੁਲਵੀਰ ਸਿੰਘ ਬਾਵਕ, ਡਾਇਰੈਕਟਰ ਤਸੀਮ ਸਿੰਘ ਜਲਾਲਪੁਰ, ਗਗਨਦੀਪ ਸਿੰਘ ਸੋਤਾ, ਅਮਰਜੀਤ ਸਿੰਘ ਕਲਾਚੱਕ, ਗੁਰਮੀਤ ਸਿੰਘ ਖਰਲਪੁਰ ਅਤੇ ਮੈਨੇਜਰ ਸੁਜਿੰਦਰ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |