ਸ਼ਾਮਚੁਰਾਸੀ, 24 ਮਈ (ਗੁਰਮੀਤ ਸਿੰਘ ਖ਼ਾਨਪੁਰੀ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ | ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਕੰਮ ਕਰਵਾਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਹੈ, ਜਿਸਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਇਸ ਮੌਕੇ ਸਰਪੰਚ ਅਰਮਿੰਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਰਜਿੰਦਰ ਸਿੰਘ, ਰਘਬੀਰ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ |