ਮੁਕੇਰੀਆਂ, 30 ਮਈ (ਰਾਮਗੜ੍ਹੀਆ)-ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਨਵ-ਨਿਯੁਕਤ ਪੰਜਾਬ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਤੇ ਇਸ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਸੰਭਾਲਣ 'ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਅਜੇ ਕੌਸ਼ਲ ਸੇਠੂ ਨੇ ਸੂਬਾ ਪ੍ਰਧਾਨ ਢਿੱਲੋਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਮੀਟਿੰਗ ਦੌਰਾਨ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ ਦੌਰਾਨ ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ, ਪਾਰਟੀ ਦੇ ਵਿਸਥਾਰ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸੇਠੂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ 'ਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇੱਕਜੁੱਟ ਹੋਣਗੇ | ਅਜੇ ਕੌਸ਼ਲ ਸੇਠੂ ਨੇ ਸੂਬਾ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਮੁਕੇਰੀਆਂ ਨਗਰ ਕੌਂਸਲ 'ਚ ਭਾਜਪਾ ਕਮੇਟੀ ਬਣਾਈ ਜਾਵੇਗੀ | ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਜੇ ਕੌਸ਼ਲ ਸੇਠੂ ਦਾ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਕੀਤਾ ਅਤੇ ਨਗਰ ਕੌਂਸਲ ਮੁਕੇਰੀਆਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ | ਉਨ੍ਹਾਂ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਆਪਣੀ ਵਚਨਬੱਧਤਾ ਵੀ ਪ੍ਰਗਟਾਈ |