ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਮੰਤਰੀ ਮੰਡਲ ਵਲੋਂ ਲਏ ਇਤਿਹਾਸਕ ਫ਼ੈਸਲਿਆਂ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ 'ਆਪ' ਸਰਕਾਰ ਆਮ ਲੋਕਾਂ, ਮੁਲਾਜ਼ਮਾਂ ਤੇ ਮਜ਼ਦੂਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕਰਨ ਦਾ ਫ਼ੈਸਲਾ ਪੰਜਾਬ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਮੁਲਾਜ਼ਮਾਂ ਨੂੰ ਠੇਕੇਦਾਰੀ ਪ੍ਰਣਾਲੀ ਦੇ ਜਾਲ ਵਿਚ ਫਸਾ ਕੇ ਰੱਖਿਆ, ਜਿਸ ਕਾਰਨ ਹਜ਼ਾਰਾਂ ਕਰਮਚਾਰੀ ਸਾਲਾਂ ਤੱਕ ਸੇਵਾਵਾਂ ਦੇਣ ਦੇ ਬਾਵਜੂਦ ਨੌਕਰੀ ਦੀ ਸੁਰੱਖਿਆ ਤੇ ਬਣਦੇ ਹੱਕਾਂ ਤੋਂ ਵਾਂਝੇ ਰਹੇ ਪਰ ਭਗਵੰਤ ਮਾਨ ਸਰਕਾਰ ਨੇ ਇਹ ਇਤਿਹਾਸਕ ਕਦਮ ਚੁੱਕਦਿਆਂ ਸਰਕਾਰ ਤੇ ਕਰਮਚਾਰੀਆਂ ਵਿਚਕਾਰ ਸਿੱਧਾ ਸੰਬੰਧ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਵਿਚੋਲੇ ਠੇਕੇਦਾਰਾਂ ਦੀ ਭੂਮਿਕਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਲਾਭ ਬਿਜਲੀ, ਸਿੱਖਿਆ, ਸਿਹਤ, ਸਥਾਨਕ ਸਰਕਾਰਾਂ, ਟਰਾਂਸਪੋਰਟ, ਜਲ ਸਪਲਾਈ, ਖੇਤੀਬਾੜੀ, ਜੇਲ੍ਹ ਵਿਭਾਗ ਤੇ ਹੋਰ ਅਨੇਕਾਂ ਸਰਕਾਰੀ ਅਦਾਰਿਆਂ ਵਿਚ ਕੰਮ ਕਰ ਰਹੇ 65,048 ਕਰਮਚਾਰੀਆਂ ਨੂੰ ਮਿਲੇਗਾ | ਡਾ. ਰਵਜੋਤ ਸਿੰਘ ਨੇ ਭਿ੍ਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਭਰ 'ਚ 7 ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨਾਲ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਸੁਣਵਾਈ ਤੇਜ਼ ਹੋਵੇਗੀ ਅਤੇ ਦੋਸ਼ੀਆਂ ਨੂੰ ਜਲਦ ਸਜ਼ਾ ਮਿਲਣ ਦਾ ਰਾਹ ਸਾਫ਼ ਹੋਵੇਗਾ |