ਹੁਸ਼ਿਆਰਪੁਰ, 1 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੂਬੇ ਦੀ 'ਆਪ' ਸਰਕਾਰ ਖ਼ਿਲਾਫ਼ ਜਿਥੇ ਹੋਰਨਾਂ ਮੁਲਾਜ਼ਮ, ਪੈਨਸ਼ਨਰ ਤੇ ਸਰਕਾਰੀ ਸਹਾਇਤਾ ਪ੍ਰਾਪਤ ਅਦਾਰਿਆਂ ਦੀਆ ਯੂਨੀਅਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਜ਼ਾਨਾ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਸੇਵਾ ਕੇਂਦਰਾਂ 'ਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਲੋਂ ਵੀ ਨਿਗੂਣੀ ਤਨਖ਼ਾਹ ਤੇ ਮੰਗਾਂ ਨੂੰ ਲੈ ਕੇ ਮੋਰਚਾ ਖੋਲਿ੍ਹਆ ਗਿਆ ਹੈ | ਇਸ ਹੜਤਾਲ ਦੇ ਚੱਲਦਿਆਂ ਜ਼ਿਲੇ੍ਹ ਭਰ ਦੇ ਸੇਵਾ ਕੇਂਦਰਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਪਹੁੰਚੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਸੇਵਾ ਕੇਂਦਰ ਦੇ ਕਰਮਚਾਰੀ ਪਿਛਲੇ ਕਰੀਬ 10 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਨਿਗੂਣੀ ਤਨਖ਼ਾਹ 10,000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਵਾਰ ਵਾਰ ਮੰਗ ਕਰਨ ਦੇ ਬਾਵਜੂਦ ਵੀ ਸਰਕਾਰ ਵਲੋਂ ਨਾ ਤਾਂ ਉਨ੍ਹਾਂ ਦੀ ਤਨਖ਼ਾਹ 'ਚ ਵਾਧਾ ਕੀਤਾ ਅਤੇ ਨਾ ਹੀ ਕੋਈ ਹੋਰ ਮੰਗ ਮੰਨੀ ਗਈ | ਉਨ੍ਹਾਂ ਕਿਹਾ ਕਿ ਇੰਨੀ ਘੱਟ ਤਨਖ਼ਾਹ ਨਾਲ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਬੇਹੱਦ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਤੋਂ ਪੂਰਾ ਕੰਮ ਲਿਆ ਜਾਂਦਾ ਹੈ ਪਰ ਉਨ੍ਹਾਂ ਨੂੰ ਬਣਦੀ ਤਨਖ਼ਾਹ ਨਹੀਂ ਦਿੱਤੀ ਜਾਂਦੀ | ਇਸ ਮੌਕੇ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤਨਖ਼ਾਹ 'ਚ ਵਾਧੇ ਦੇ ਨਾਲ ਨਾਲ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਮਿਥੇ ਸਮੇਂ ਲਈ ਹੜਤਾਲ ਕਰਨਗੇ |