ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਉੜਮੁੜ ਦੇ ਸਰਬਪੱਖੀ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ | ਮੀਟਿੰਗ 'ਚ ਹਲਕੇ ਵਿਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਤੇ ਐਸ. ਡੀ. ਐਮ. ਲਵਪ੍ਰੀਤ ਸਿੰਘ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਉੜਮੁੜ ਵਿਧਾਨ ਸਭਾ ਹਲਕੇ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿਚ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ | ਮੀਟਿੰਗ ਦੌਰਾਨ ਵਿਧਾਇਕ ਨੇ ਟਾਂਡਾ-ਰੜਾ ਪੁੱਲ ਸੜਕ (ਟਾਂਡਾ ਤੋਂ ਰੜਾ ਪੁੱਲ ਰੋਡ) ਦੀ ਮੁਰੰਮਤ ਦੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਦੇ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਉਨ੍ਹਾਂ ਐਕਸੀਅਨ ਮੰਡੀ ਬੋਰਡ ਨੂੰ ਪਿੰਡ ਪ੍ਰੇਮਪੁਰ ਰਸਤੇ 'ਤੇ ਪੁੱਲ ਨਿਰਮਾਣ ਤੇ ਚੋਹਾਨਾ ਤੋਂ ਟਾਹਲੀ ਸੜਕ ਨਿਰਮਾਣ ਕੰਮ 'ਚ ਤੇਜ਼ੀ ਲਿਆਉਣ ਲਈ ਕਿਹਾ | ਉਨ੍ਹਾਂ ਨੇ ਐਕਸੀਅਨ ਲੋਕ ਨਿਰਮਾਣ ਵਿਭਾਗ ਨਾਲ ਪਿੰਡ ਖੁੱਡਾ ਤੋਂ ਭੱਟੀਆਂ ਵਾਇਆ ਖੁਣਖੁਣ ਕਲਾਂ ਦੇ ਰਸਤੇ ਸੜਕ ਨਿਰਮਾਣ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਹਿਤ ਨਾਲ ਜੁੜੇ ਵਿਕਾਸ ਕੰਮਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਵਰਤੀ ਜਾਵੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਅਤੇ ਨਿਰਧਾਰਤ ਸਮੇਂ ਅੰਦਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ |