ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੈਂਕੜੇ ਕਾਂਗਰਸੀ ਵਰਕਰਾਂ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆ ਦੀ ਅਗਵਾਈ ਹੇਠ ਨੀਟ ਪੇਪਰ ਲੀਕ ਤੇ ਸੀ. ਬੀ. ਐੱਸ. ਈ. 'ਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ 'ਚ ਵਿਸ਼ਾਲ ਰੋਸ ਮਾਰਚ ਕੱਢਿਆ | ਕਾਂਗਰਸ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਵੀ ਫੂਕਿਆ ਅਤੇ ਸਿੱਖਿਆ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਦਲਜੀਤ ਗਿਲਜੀਆ ਨੇ ਕਿਹਾ ਕਿ ਦੇਸ਼ ਭਰ 'ਚੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ 'ਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ | ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਫਿਰ ਲੀਕ ਹੋਇਆ ਹੈ, ਪਰ ਇਸ ਮਾਮਲੇ ਵਿਚ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ, ਜੋ ਕਿ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ | ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸੰਗਤ ਸਿੰਘ ਗਿਲਜੀਆ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ 'ਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਲਈ ਭਰੋਸੇਯੋਗ ਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫ਼ਰਜ਼ 'ਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕਾ ਇੰਦੂ ਬਾਲਾ, ਐਡ. ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ, ਅਮਰਪ੍ਰੀਤ ਸਿੰਘ ਮਿੰਟੂ ਲਾਲੀ, ਸੁਰਿੰਦਰ ਸਿੱਧੂ, ਐੱਸ. ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਬਿੱਟੂ, ਸੋਢੀ ਰਾਮ ਬਡਿਆਲ ਜਨਰਲ ਸਕੱਤਰ ਐੱਸ.ਸੀ. ਡਿਪਾਰਟਮੈਂਟ, ਅਸ਼ਵਨੀ ਸ਼ਰਮਾ, ਬਲਵਿੰਦਰ ਕੌਰ, ਮਨਜਿੰਦਰ ਸਿੰਘ, ਸੁਖਬੀਰ ਸਿੰਘ, ਅਸ਼ੋਕ ਸ਼ਰਮਾ, ਅਸ਼ੋਕ ਮਹਿਰਾ, ਹੰਸਰਾਜ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |