ਟਾਂਡਾ ਉੜਮੁੜ, 2 ਜੂਨ (ਭਗਵਾਨ ਸਿੰਘ ਸੈਣੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਇਸ ਨੂੰ ਸੱਤਾ ਸੌਂਪੀ ਸੀ, ਪਰ ਅੱਜ ਹਾਲਾਤ ਇਹ ਹਨ ਕਿ ਆਮ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਇਹ ਪ੍ਰਗਟਾਵਾ ਸੰਗਤ ਸਿੰਘ ਗਿਲਜੀਆ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਕਾਨੂੰਨ-ਵਿਵਸਥਾ, ਨਸ਼ਾ ਤਸਕਰੀ ਤੇ ਗੈਂਗਸਟਰਵਾਦ ਵਰਗੇ ਮੁੱਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ | ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾ ਜਨਕ ਬਣੀ ਹੋਈ ਹੈ ਅਤੇ ਹਿੰਸਕ ਘਟਨਾਵਾਂ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ | ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੀ ਤਰ੍ਹਾਂ ਜ਼ਮੀਨੀ ਪੱਧਰ 'ਤੇ ਨਜ਼ਰ ਨਹੀਂ ਆਏ | ਸਰਕਾਰੀ ਮੁਲਾਜ਼ਮ, ਕਿਸਾਨ, ਬੇਰੁਜ਼ਗਾਰ ਨੌਜਵਾਨ ਤੇ ਹੋਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸਮੇਂ-ਸਮੇਂ 'ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ | ਪੰਜਾਬ ਦੇ ਨੌਜਵਾਨਾਂ ਵਿਚ ਬੇਰੁਜ਼ਗਾਰੀ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਚਿੰਤਾ ਜਤਾਈ ਜਾਂਦੀ ਰਹੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਦੀ ਆਰਥਿਕ ਸਥਿਤੀ ਲਗਾਤਾਰ ਕਮਜ਼ੋਰ ਹੋ ਰਹੀ ਹੈ ਤੇ ਪੰਜਾਬ ਕਰਜ਼ੇ ਦੇ ਬੋਝ ਥੱਲੇ ਦੱਬ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਰੋਜ਼ਗਾਰ, ਸਿੱਖਿਆ, ਸਿਹਤ ਅਤੇ ਸੁਰੱਖਿਆ ਵਰਗੇ ਮੁੱਖ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਉਠਾਏ | ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ |