ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਏ. ਯੂ. ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸਨਰਾਈਜ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਮੰਨਣਹਾਣਾ ਵਿਖੇ ਖੇਤ ਬਚਾਓ ਮੁਹਿੰਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਪ੍ਰੋਗਰਾਮ ਦੇ ਸ਼ੁਰੂਆਤ 'ਚ ਸਕੂਲ ਪਿ੍ੰ. ਕੁਲਜੀਤ ਕੌਰ ਸੰਧੂ ਨੇ ਕੇ. ਵੀ. ਕੇ. ਦੀ ਟੀਮ ਦਾ ਸਵਾਗਤ ਕੀਤਾ ਤੇ ਵਿਸ਼ਵ ਵਾਤਾਵਰਨ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਉਨ੍ਹਾਂ ਨੇ ਵਿਦਿਆਰਥੀਆਂ ਵਿਚ ਵਾਤਾਵਰਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ, ਸਾਫ਼-ਸੁਥਰੇ ਅਤੇ ਹਰਿਆ ਭਰਿਆ ਵਾਤਾਵਰਨ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਕੈਂਪ ਦੌਰਾਨ ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕੇ. ਵੀ. ਕੇ. ਦੀਆਂ ਗਤੀਵਿਧੀਆਂ ਤੇ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਹਾਇਕ ਪ੍ਰੋਫੈਸਰ (ਖੇਤੀਬਾੜੀ ਮਸ਼ੀਨਰੀ) ਡਾ. ਅਜੈਬ ਸਿੰਘ ਨੇ ਵਾਤਾਵਰਨ ਦੀ ਸੰਭਾਲ ਵਿਚ ਵਿਦਿਆਰਥੀਆਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਪ੍ਰਦੂਸ਼ਣ ਦੇ ਵੱਖ-ਵੱਖ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਸਮੱਸਿਆ ਬਾਰੇ ਚਰਚਾ ਕੀਤੀ | ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਸੰਤੁਲਿਤ ਖ਼ੁਰਾਕ ਦੀ ਮਹੱਤਤਾ ਬਾਰੇ ਚਰਚਾ ਕੀਤੀ ਤੇ ਘਰੇਲੂ ਬਗੀਚੀ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ | ਅੰਤ 'ਚ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਸੁਖਜਿੰਦਰ ਸਿੰਘ ਨੇ ਧੰਨਵਾਦ ਕੀਤਾ |