ਭੰਗਾਲਾ, 6 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਨੀਲਮ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਯੁਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਮੌਕੇ ਡਾ. ਨੀਲਮ ਵਲੋਂ ਵਾਤਾਵਰਨ ਦੀ ਸੰਭਾਲ ਤੇ ਸੁਰੱਖਿਆ ਸੰਬੰਧੀ ਜਾਗਰੂਕਤਾ ਸੰਦੇਸ਼ ਦਿੱਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਵਧ ਰਹੇ ਪ੍ਰਦੂਸ਼ਣ, ਗਲੋਬਲ ਵਾਰਮਿੰਗ ਤੇ ਜਲਵਾਯੂ ਪਰਿਵਰਤਨ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਹਰ ਵਿਅਕਤੀ ਨੂੰ ਬੂਟੇ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਛਾਂ ਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਦੇ ਹਨ | ਇਸ ਲਈ ਹਰ ਨਾਗਰਿਕ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣਾ ਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ | ਇਸ ਮੌਕੇ ਹਾਜ਼ਰ ਸਟਾਫ਼ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਦੀ ਬਚਤ ਕਰਨ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ | ਪ੍ਰੋਗਰਾਮ ਦੌਰਾਨ ਸਮੂਹ ਸਟਾਫ਼ ਵਲੋਂ ਵਾਤਾਵਰਨ ਦੀ ਰੱਖਿਆ ਤੇ ਹਰਿਆਵਲ ਵਧਾਉਣ ਲਈ ਸਾਂਝੇ ਤੌਰ 'ਤੇ ਪ੍ਰਣ ਲਿਆ ਗਿਆ | ਇਸ ਮੌਕੇ ਡਾ. ਸਰਬਜੀਤ ਸਿੰਘ, ਰਿੰਪੀ (ਬੀ. ਈ. ਈ.), ਰਾਜ ਕੌਰ, ਉਪਕਾਰ ਸਿੰਘ, ਪਰਮਜੀਤ, ਜਸਦੀਪ, ਸੁਨੀਤਾ ਤੇ ਹੋਰ ਕਰਮਚਾਰੀ ਮੌਜੂਦ ਸਨ |