ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪੈਟਰੋਲ, ਡੀਜ਼ਲ, ਗੈਸ ਤੇ ਖਾਦਾਂ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਾਦ ਦੀ ਪੂਰਤੀ ਨਹੀਂ ਕੀਤੀ ਗਈ ਤੇ ਗੰਨੇ ਦਾ ਬਕਾਇਆ ਜੋ 68.50 ਰੁਪਏ ਪ੍ਰਤੀ ਕੁਇੰਟਲ ਦੇ ਹਿੱਸਾ ਨਾਲ (ਕਰੀਬ 200 ਕਰੋੜ ਰੁਪਏ) ਬਣਦੀ ਰਾਸ਼ੀ ਅਜੇ ਤੱਕ ਕਿਸਾਨਾਂ ਨੂੰ ਨਹੀਂ ਅਦਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ 'ਤੇ ਜੋ ਤਸ਼ੱਦਦ ਹੋਇਆ ਹੈ, ਉਹ ਬੇਹੱਦ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਦੇਸ਼ 'ਚ ਬੇਤਹਾਸ਼ਾ ਮਹਿੰਗਾਈ 'ਚ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜੇ ਤੱਕ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ 'ਆਪ' ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਵਾਰ-ਵਾਰ ਮੀਟਿੰਗਾਂ 'ਚ ਕਿਸਾਨਾਂ ਨੂੰ ਭਰੋਸੇ ਦੇ ਕੇ ਸਿਰਫ਼ ਸਮਾਂ ਲੰਘਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਇਕਬਾਲ ਸਿੰਘ, ਸੋਹਣ ਸਿੰਘ ਸਾਹਰੀ, ਸੁਖਜਿੰਦਰ ਸਿੰਘ ਢੱਕੋਵਾਲ, ਬਲਵੀਰ ਸਿੰਘ ਡਵਿੱਡਾ ਰਿਹਾਣਾ, ਜੋਗਾ ਸਿੰਘ, ਕਰਮਜੀਤ ਸਿੰਘ, ਮਨੀ ਬਿਹਾਲਾ, ਸਤਨਾਮ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ, ਕੁਲਜਿੰਦਰ ਸਿੰਘ ਆਦਿ ਹਾਜ਼ਰ ਸਨ |
ਭਾਕਿਯੂ ਦੋਆਬਾ ਵਲੋਂ ਮੰਗਾਂ ਤੇ ਮਹਿੰਗਾਈ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ
ਅਜੀਤ ਡੈਸਕ
09-06-2026