ਟਾਂਡਾ, 8 ਜੂਨ (ਭਗਵਾਨ ਸਿੰਘ ਸੈਣੀ)-ਪਿੰਡ ਜਲਾਲਪੁਰ ਦੇ ਇਕ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੌਰਵ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿਤੀ 5 ਜੂਨ 2026 ਨੂੰ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਗੁਰਵਿੰਦਰ ਸਿੰਘ ਨੂੰ ਆਪਣੇ ਨਾਲ ਲੈ ਗਏ ਸਨ | ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ | ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਗਈ ਪਰ ਕੋਈ ਸੁਰਾਗ ਨਹੀਂ ਮਿਲਿਆ | ਇਸ ਸੰਬੰਧੀ ਜਸਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਜਲਾਲਪੁਰ ਨੇ ਥਾਣਾ ਟਾਂਡਾ ਵਿਖੇ ਦਰਖ਼ਾਸਤ ਦੇ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ | ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਨੌਜਵਾਨ ਨੂੰ ਲੱਭਿਆ ਨਹੀਂ ਜਾ ਸਕਿਆ | ਪਰਿਵਾਰਕ ਮੈਂਬਰਾਂ ਅਨੁਸਾਰ ਜਿਨ੍ਹਾਂ ਦੋ ਨੌਜਵਾਨਾਂ ਨੇ ਗੁਰਵਿੰਦਰ ਸਿੰਘ ਨੂੰ ਆਪਣੇ ਨਾਲ ਲੈ ਕੇ ਗਏ ਸਨ, ਉਨ੍ਹਾਂ ਕੋਲੋਂ ਪੁੱਛਗਿੱਛ ਕਰਨ 'ਤੇ ਵੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ | ਇਸ ਦੌਰਾਨ ਅੱਜ ਗੁਰਵਿੰਦਰ ਸਿੰਘ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਮਿ੍ਤਕ ਨੌਜਵਾਨ ਪਰਿਵਾਰ 'ਚ ਕਮਾਈ ਕਰਨ ਵਾਲਾ ਇਕੋ ਇਕ ਮੈਂਬਰ ਸੀ | ਇਸ ਸੰਬੰਧੀ ਗੁਰਿੰਦਰਜੀਤ ਸਿੰਘ ਨਾਗਰਾ ਐਸ. ਐਚ. ਓ. ਟਾਂਡਾ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਨੂੰ ਦੋ ਨੌਜਵਾਨ ਲਵਪ੍ਰੀਤ ਤੇ ਵੰਸ਼ ਜੋ ਕਿ ਘਰੋਂ ਲੈ ਕੇ ਗਏ ਸਨ ਪਰ ਉਹ ਵਾਪਸ ਨਹੀਂ ਆਇਆ ਜਿਸ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਇਕ ਦਰਖਾਸਤ ਦਿੱਤੀ ਗਈ ਸੀ ਅਤੇ ਪੁਲਿਸ ਟੀਮ ਨੇ ਉਨ੍ਹਾਂ ਨੂੰ ਲੱਭਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲਿਆ ਅੱਜ ਉਸ ਦੀ ਲਾਸ਼ ਮਿਲ ਗਈ ਹੈ ਤੇ ਉਸ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ |