ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਤਹਿਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਨੇੜਲੇ ਪਿੰਡ ਠੱਕਰਵਾਲ 'ਚ 191 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਇਤਿਹਾਸਿਕ ਫ਼ੈਸਲੇ ਲੈ ਰਹੀ ਹੈ | ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇਕ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਸੋਈ ਕਿੱਟ ਦਿੱਤੀ ਜਾਵੇਗੀ ਜਿਸ 'ਚ ਸਰੋਂ੍ਹ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਕਰਿਆਨੇ ਦੀਆਂ ਵਸਤਾਂ ਸ਼ਾਮਿਲ ਹੋਣਗੀਆਂ | ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿੰਗਾਈ ਕਾਰਨ ਵਧ ਰਹੇ ਘਰੇਲੂ ਖ਼ਰਚਿਆਂ ਨਾਲ ਜੂਝ ਰਹੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਿਤ ਹੋਵੇਗੀ | ਵਿਧਾਇਕ ਨੇ ਪਿੰਡ ਠੱਕਰਵਾਲ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪਿੰਡ ਦੇ ਅੰਦਰ 50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡ ਨੂੰ ਜੁੜਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ 3.51 ਕਰੋੜ ਰੁਪਏ ਦੇ ਕਰੀਬ ਖ਼ਰਚ ਆਉਣਗੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 4.01 ਕਰੋੜ ਰੁਪਏ ਨਾਲ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਨਾ ਸਿਰਫ਼ ਠੱਕਰਵਾਲ ਪਿੰਡ ਦੀ ਸਗੋਂ ਨਾਲ ਲੱਗਦੇ ਇਲਾਕਿਆਂ ਦੀ ਵੀ ਨੁਹਾਰ ਬਦਲ ਜਾਵੇਗੀ |