ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਇਥੇ ਕਿਹਾ ਕਿ ਸੂਬੇ ਭਰ ਵਿਚ ਸੜਕਾਂ ਤੇ ਆਮ ਥਾਵਾਂ 'ਤੇ ਘੁੰਮ ਰਹੇ ਬੇਸਹਾਰਾ ਗਊਧਨ ਨੂੰ ਜਲਦ ਹੀ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਭੇਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਰਾਹਤ ਦਿਵਾਉਣ ਦੇ ਨਾਲ-ਨਾਲ ਸੜਕੀ ਹਾਦਸਿਆਂ ਨਾਲ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਗੱਲਬਾਤ ਕਰਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਆਉਂਦੇ ਕੁੱਝ ਮਹੀਨਿਆਂ 'ਚ ਹੀ ਬੇਸਹਾਰਾ ਗਊ ਧਨ ਦੀ ਗਊਸ਼ਾਲਾਵਾਂ 'ਚ ਸੁਚੱਜੀ ਸਾਂਭ-ਸੰਭਾਲ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਉਪ ਚੇਅਰਮੈਨ ਕੀਮਤੀ ਭਗਤ ਨੇ ਪਸ਼ੂ ਪਾਲਣ ਵਿਭਾਗ ਦੇ ਸਥਾਨਕ ਡਿਪਟੀ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਗਊਸ਼ਾਲਾਵਾਂ ਦਾ ਬਿਜਲੀ ਦਾ ਬਿੱਲ ਮੁਆਫ਼ ਹੋਣੋਂ ਰਹਿੰਦਾ ਹੈ ਉਨ੍ਹਾਂ ਦੇ ਕੇਸ ਜਲਦ ਬਣਾ ਕੇ ਕਮਿਸ਼ਨ ਨੂੰ ਭੇਜੇ ਜਾਣ | ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਰੱਖੇ ਗਊਧਨ ਲਈ ਚਾਰੇ ਤੇ ਹੋਰ ਲੋੜੀਂਦੇ ਖ਼ਰਚਿਆਂ ਲਈ ਪ੍ਰਤੀ ਗਾਂ ਰਾਸ਼ੀ ਵਧਾਉਣ ਬਾਰੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਹ ਰਾਸ਼ੀ ਵਧਾ ਕੇ ਰੋਜ਼ਾਨਾ 61 ਰੁਪਏ ਪ੍ਰਤੀ ਗਾਂ ਕਰ ਦਿੱਤੀ ਗਈ ਹੈ, ਜਿਸ ਨਾਲ ਗਊਸ਼ਾਲਾਵਾਂ ਨੂੰ ਲਾਜ਼ਮੀ ਰਾਹਤ ਮਿਲੇਗੀ | ਕੀਮਤੀ ਭਗਤ ਨੇ ਮੀਟਿੰਗ ਉਪਰੰਤ ਅਧਿਕਾਰੀਆਂ ਸਮੇਤ ਨੇੜਲੇ ਪਿੰਡ ਫਲਾਹੀ ਵਿਖੇ ਕੈਟਲ ਪੌਂਡ ਦਾ ਦੌਰਾ ਕਰਕੇ ਗਊ ਧਨ ਲਈ ਮੌਜੂਦਾ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਤਸੱਲੀ ਪ੍ਰਗਟਾਈ | ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਦੇ ਕਮਿਸ਼ਨਰ ਜਯੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਮੌਜੂਦ ਸਨ |
ਪੰਜਾਬ 'ਚ ਬੇਸਹਾਰਾ ਗਊ ਧਨ ਨੂੰ ਜਲਦ ਗਊਸ਼ਾਲਾਵਾਂ 'ਚ ਲਿਆਂਦਾ ਜਾਵੇਗਾ-ਕੀਮਤੀ ਭਗਤ
ਅਜੀਤ ਡੈਸਕ
16-06-2026