ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਆਉਣ ਵਾਲੇ ਦਿਨਾਂ ਦੌਰਾਨ ਹੀਟ ਵੇਵ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਅਪੀਲ ਕੀਤੀ ਹੈ ਕਿ ਉਹ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵਿਸ਼ੇਸ਼ ਸਾਵਧਾਨੀ ਵਰਤਣ | ਉਨ੍ਹਾਂ ਕਿਹਾ ਕਿ ਲੋਕ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੀ ਤਿੱਖੀ ਧੁੱਪ 'ਚ ਬਾਹਰ ਨਿਕਲਣ ਤੋਂ ਜਿੱਥੋਂ ਤੱਕ ਸੰਭਵ ਹੋਵੇ ਪਰਹੇਜ਼ ਕਰਨ | ਸਿਹਤ ਵਿਭਾਗ ਦੀ ਐਡਵਾਈਜ਼ਰੀ ਅਨੁਸਾਰ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ, ਮਜ਼ਦੂਰਾਂ, ਮੋਟਾਪੇ ਤੋਂ ਪੀੜਤ ਵਿਅਕਤੀਆਂ, ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਵੱਧ ਤਾਪਮਾਨ ਤੋਂ ਖ਼ਾਸ ਤੌਰ 'ਤੇ ਬਚਾਅ ਕਰਨ ਦੀ ਲੋੜ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਜੋ ਸਰੀਰ ਨੂੰ ਪੂਰੀ ਤਰ੍ਹਾਂ ਢੱਕਦੇ ਹੋਣ |