12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨੀਟ ਰੀ-ਟੈਸਟ ਲਈ ਜ਼ਿਲ੍ਹੇ ’ਚ ਵਿਆਪਕ ਪ੍ਰਬੰਧ, ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਧਾਰਾ 163 ਲਾਗੂ-ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 21-06-2026

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ 21 ਜੂਨ ਨੂੰ ਹੋਣ ਵਾਲੀ ਨੀਟ (ਯੂ. ਜੀ.) ਰੀ-ਟੈਸਟ ਪ੍ਰੀਖਿਆ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਇਸ ਮਹੱਤਵਪੂਰਨ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚਾਰ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿਚ ਆਰਮੀ ਪਬਲਿਕ ਸਕੂਲ ਉੱਚੀ ਬੱਸੀ, ਗਵਰਨਮੈਂਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਅਤੇ ਪੀ. ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਗੱਜ, ਭੂੰਗਾ ਸ਼ਾਮਿਲ ਹਨ। ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹਰ ਕੇਂਦਰ ਲਈ ਕਾਰਜਕਾਰੀ ਮੈਜਿਸਟਰੇਟ ਵੀ ਨਿਯੁਕਤ ਕੀਤੇ ਗਏ ਹਨ। ਆਸ਼ਿਕਾ ਜੈਨ ਨੇ ਕਿਹਾ ਕਿ ਆਮ ਤੌਰ ‘ਤੇ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਇਕੱਠੀ ਹੋ ਜਾਂਦੀ ਹੈ, ਜਿਸ ਕਾਰਨ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋਣ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐੱਸ.ਐੱਸ.)-2023 ਦੀ ਧਾਰਾ 163 ਤਹਿਤ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 21 ਜੂਨ 2026 ਨੂੰ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਬੇਲੋੜੀ ਭੀੜ ਇਕੱਠੀ ਨਾ ਕੀਤੀ ਜਾਵੇ, ਤਾਂ ਜੋ ਪ੍ਰੀਖਿਆਰਥੀ ਸ਼ਾਂਤਮਈ ਮਾਹੌਲ ਵਿਚ ਪ੍ਰੀਖਿਆ ਦੇ ਸਕਣ।

Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਜੋਤਿ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਕੈਂਪ ਦਾ ਆਯੋਜਨ
Ad Position 24