ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪੱਧਰ ਤੇ ਉਪ ਮੰਡਲ ਪੱਧਰ (ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ) ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਮਨਦੀਪ ਮਿੱਤਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਹਰਜਿੰਦਰ ਕੌਰ ਨੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਹੀ ਨਹੀਂ, ਸਗੋਂ ਮਾਨਸਿਕ, ਸਰੀਰਕ ਤੇ ਆਧਿਆਤਮਿਕ ਸੰਤੁਲਨ ਦਾ ਇਕ ਮਹੱਤਵਪੂਰਨ ਸਾਧਨ ਹੈ। ਪ੍ਰੋਗਰਾਮ ਦੌਰਾਨ ਯੋਗ ਟਰੇਨਰ ਜਿਤਿਨ ਸ਼ਰਮਾ (ਆਰਟ ਆਫ ਲਿਵਿੰਗ, ਹੁਸ਼ਿਆਰਪੁਰ) ਨੇ ਭਾਗੀਦਾਰਾਂ ਨੂੰ ਯੋਗ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ । ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਕੰਪਲੈਕਸ, ਹੁਸ਼ਿਆਰਪੁਰ ਵਿਚ ਕਰਵਾਏ ਸਮਾਗਮ ਵਿਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਮਨਦੀਪ ਮਿੱਤਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਹਰਜਿੰਦਰ ਕੌਰ ਤੋਂ ਇਲਾਵਾ ਪੈਨਲ ਵਕੀਲ, ਪੈਰਾ ਲੀਗਲ ਵਲੰਟੀਅਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਾ ਸਟਾਫ, ਸਮੂਹ ਜੂਡੀਸ਼ੀਅਲ ਸਟਾਫ ਤੇ ਹੋਰ ਵਕੀਲ ਹਾਜ਼ਰ ਸਨ। ਇਸ ਤੋਂ ਇਲਾਵਾ ਉਪ ਮੰਡਲ ਪੱਧਰ ‘ਤੇ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਖੇ ਵੀ ਜੱਜ ਸਹਿਬਾਨ, ਕਰਮਚਾਰੀਆਂ ਤੇ ਵਕੀਲਾਂ ਨੇ ਯੋਗ ਦਿਵਸ ਸਮਾਗਮਾਂ ਵਿਚ ਭਾਗ ਲੈ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।