ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਦੇ ਦੂਜੇ ਪੜਾਅ ਸੰਬੰਧੀ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਅਤੇ ਚੋਣ ਪ੍ਰਕਿਰਿਆ ਵਿਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ. ਐਲ. ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ (ਐਨਯੂਮੇਰੇਸ਼ਨ ਫਾਰਮ) ਭਰਵਾਉਣਗੇ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ. ਐਲ. ਏ.) ਨੂੰ ਬੀ. ਐਲ. ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉਥੇ ਨਵੇਂ ਪੋਲਿੰਗ ਸਟੇਸ਼ਨ ਬਣਾਉਣ ਲਈ ਪ੍ਰਸਤਾਵ ਤਿਆਰ ਕਰਕੇ ਕਮਿਸ਼ਨ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਬੀ. ਐਲ. ਏ.-1 ਅਤੇ ਬੀ. ਐਲ. ਏ.-2 ਸੰਬੰਧਿਤ ਚੋਣ ਅਫ਼ਸਰਾਂ ਵਲੋਂ ਬੁਲਾਈਆਂ ਜਾਣ ਵਾਲੀਆਂ ਮੀਟਿੰਗਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਦੇ ਸਫਲ ਸੰਚਾਲਨ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਮੀਟਿੰਗ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਜ਼ਿਲ੍ਹਾ ਪੱਧਰ ‘ਤੇ ਬਣੇ ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦੀ ਜੂਨ-2026 ਦੀ ਤਿਮਾਹੀ ਜਾਂਚ (ਵੇਅਰ ਹਾਊਸ ਖੋਲ੍ਹ ਕੇ ਅੰਦਰੂਨੀ ਹਾਲਾਤਾਂ ਦੀ) ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਈ. ਵੀ. ਐੱਮ. ਵੇਅਰ ਹਾਊਸ ਦੀ ਤਿਮਾਹੀ ਜਾਂਚ ਇਕ ਨਿਯਮਿਤ ਤੇ ਲਾਜ਼ਮੀ ਪ੍ਰਕਿਰਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਤੋਂ ਭੂਸ਼ਨ ਕੁਮਾਰ ਸ਼ਰਮਾ, ਬਸਪਾ ਤੋਂ ਮਦਨ ਸਿੰਘ ਬੈਂਸ, ਸੀ. ਪੀ. ਆਈ. (ਐੱਮ) ਤੋਂ ਗੁਰਮੇਸ਼ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਨੋਡਲ ਅਫ਼ਸਰ ਈ. ਵੀ. ਐੱਮ. ਬਲਵਿੰਦਰ ਸਿੰਘ, ਤਹਿਸੀਲਦਾਰ ਚੋਣ ਰਮਨਦੀਪ ਕੌਰ ਤੇ ਚੋਣ ਕਾਨੂੰਗੋ ਲਖਵੀਰ ਸਿੰਘ ਵੀ ਹਾਜ਼ਰ ਸਨ।
25 ਤੋਂ ਐੱਸ. ਆਈ. ਆਰ. ਤਹਿਤ ਬੀ. ਐਲ. ਓ. ਘਰ-ਘਰ ਜਾ ਕੇ ਵੋਟਰਾਂ ਤੋਂ ਭਰਵਾਉਣਗੇ ਗਣਨਾ ਫਾਰਮ-ਡੀ. ਸੀ.
ਅਜੀਤ ਡੈਸਕ
23-06-2026