ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ 22 ਜੂਨ ਤੋਂ 25 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਲਈ ਰਿਟਰਨਿੰਗ ਅਫ਼ਸਰਾਂ ਵਲੋਂ ਤਿੰਨ ਥਾਵਾਂ ‘ਤੇ ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਕੇਂਦਰਾਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਵਾਰਡ ਨੰਬਰ 1 ਤੋਂ 17 ਤੱਕ ਦੇ ਉਮੀਦਵਾਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕੋਰਟ ਰੂਮ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸੇ ਤਰ੍ਹਾਂ ਵਾਰਡ ਨੰਬਰ 18 ਤੋਂ 31 ਤੱਕ ਦੇ ਉਮੀਦਵਾਰ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕ ਸ਼ਾਖਾ) ਦੇ ਨਿਰਮਾਣ ਮੰਡਲ ਨੰਬਰ-1 ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ, ਮੁੱਖ ਡਾਕਘਰ ਦੇ ਨੇੜੇ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜਦਕਿ ਵਾਰਡ ਨੰਬਰ 32 ਤੋਂ 50 ਤੱਕ ਲਈ ਐਸ. ਡੀ. ਐਮ. ਦਫ਼ਤਰ ਤਹਿਸੀਲ ਕੰਪਲੈਕਸ, ਹੁਸ਼ਿਆਰਪੁਰ (ਜੇਲ੍ਹ ਚੌਕ ਦੇ ਨੇੜੇ) ਸਥਿਤ ਕੋਰਟ ਰੂਮ ਨੂੰ ਨਾਮਜ਼ਦਗੀ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਸੰਬੰਧਿਤ ਥਾਵਾਂ ‘ਤੇ ਯੋਗ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਨਗਰ ਨਿਗਮ ਦੇ 50 ਵਾਰਡਾਂ ਵਿਚ ਵੋਟਾਂ ਪਵਾਈਆਂ ਜਾਣਗੀਆਂ।
ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਵਾਲੇ ਕੇਂਦਰਾਂ ’ਚ ਬਦਲਾਅ-ਏ. ਡੀ. ਸੀ.
ਅਜੀਤ ਡੈਸਕ
23-06-2026